ਮੋਗਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 9 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਵੱਡੀ ਗਿਣਤੀ ਵਿਚ ਕਿਸਾਨ, ਭਾਜਪਾ ਉਮੀਦਵਾਰਾਂ ਦਾ ਵਿਰੋਧ ਵੀ ਕਰ ਰਹੇ ਹਨ। ਭਾਜਪਾ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਗਾਇਕ ਹੰਸ ਰਾਜ ਹੰਸ ਨੂੰ ਟਿਕਟ ਦਿੱਤੀ ਹੈ ਅਤੇ ਹੰਸ ਰਾਜ ਹੰਸ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਵਲੋਂ ਲਗਾਤਾਰ ਉਨ੍ਹਾਂ ਦਾ ਵਿਰੋਧ ਜਾਰੀ ਹੈ। ਇਸੇ ਦੌਰਾਨ ਮੋਗਾ ਦੇ ਕਸਬਾ ਬਾਘਾਪੁਰਾਣਾ ਵਿਚ ਵੀ ਹੰਸ ਰਾਜ ਦਾ ਕਿਸਾਨਾਂ ਨੇ ਸਖਤ ਵਿਰੋਧ ਕੀਤਾ। ਇਸ ਵਿਰੋਧ ਦੇ ਚੱਲਦਿਆਂ ਪੁਲਿਸ ਨੇ ਕਈ ਕਿਸਾਨਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ ਨੇ ਕਿਸਾਨਾਂ ਨਾਲ ਧੱਕਾ ਕੀਤਾ ਹੈ ਅਤੇ ਇਸ ਕਰਕੇ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਅਤੇ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦਾ ਵੀ ਕਿਸਾਨਾਂ ਨੇ ਸਖਤ ਵਿਰੋਧ ਕੀਤਾ ਹੈ।
ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਾਂ ਰੋਕੀਆਂ
ਚੰਡੀਗੜ੍ਹ : ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਰੇਲ ਦੀਆਂ ਪਟੜੀਆਂ ‘ਤੇ ਬੈਠ ਕੇ ਰੇਲਾਂ ਰੋਕੀਆਂ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਨੇਤਾਵਾਂ ਤੇ ਵਰਕਰਾਂ ਨੂੰ ਰਿਹਾਅ ਨਾ ਕੀਤਾ ਤਾਂ ਇਹ ਰੋਸ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਚਲਾਇਆ ਜਾਵੇਗਾ। ਕਿਸਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਹ ਪੁਲਿਸ ਪ੍ਰਸ਼ਾਸਨ ਵਲੋਂ ਲਗਾਏ ਗਏ ਬੈਰੀਕੇਡ ਹਟਾ ਕੇ ਰੇਲ ਲਾਈਨਾਂ ਉਤੇ ਰੋਸ ਧਰਨੇ ‘ਚ ਬੈਠਣ ਲਈ ਕਾਮਯਾਬ ਹੋ ਗਏ। ਕਿਸਾਨਾਂ ਨੇ ਹੱਥਾਂ ਵਿਚ ਕਿਸਾਨੀ ਝੰਡੀਆਂ ਵੀ ਫੜੀਆਂ ਹੋਈਆਂ ਸਨ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।