ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ ‘ਚ ਸੋਧ ਕਰਨ ਦੀ ਗੱਲ ਇਸ ਵਾਸਤੇ ਕਰ ਰਹੀ ਹੈ ਕਿਉਂਕਿ ਸੱਤਾਧਾਰੀ ਪਾਰਟੀ ਲੋਕਾਂ ਦੇ ਅਧਿਕਾਰਾਂ ਨੂੰ ਖੋਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ 10 ਸਾਲਾਂ ਵਿੱਚ ਐਨੇ ਸਾਰੇ ਝੂਠੇ ਵਾਅਦਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਲੱਗੀਆਂ ਹਨ। ਉਹ ਬਾਂਦੀਕੂਈ (ਦੌਸਾ) ‘ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰਿਅੰਕਾ ਗਾਂਧੀ ਨੇ ਕਿਹਾ, ”ਭਾਜਪਾ ਵੱਲੋਂ ਸੰਵਿਧਾਨ ਵਿੱਚ ਸੋਧ ਦੀ ਗੱਲ ਇਸ ਵਾਸਤੇ ਕੀਤੀ ਜਾਂਦੀ ਹੈ ਕਿਉਂਕਿ ਉਹ ਲੋਕਾਂ ਦੇ ਹੱਕ ਖੋਹਣਾ ਚਾਹੁੰਦੀ ਹੈ ਅਤੇ ਉਹ ਇਹ ਕੰਮ ਇਸ ਢੰਗ ਨਾਲ ਕਰਨਾ ਚਾਹੁੰਦੀ ਹੈ ਕਿ ਤੁਹਾਨੂੰ ਪਤਾ ਵੀ ਨਾ ਲੱਗੇ ਕਿ ਕੀ ਹੋ ਰਿਹਾ ਹੈ।” ਕਾਂਗਰਸੀ ਆਗੂ ਨੇ ਕਿਹਾ ਕਿ ਦੇਸ਼ ਦੀਆਂ ਇਹ ਆਮ ਚੋਣਾਂ ਸੰਵਿਧਾਨ ਨੂੰ ਬਚਾਉਣ ਦੀਆਂ ਚੋਣਾਂ ਹਨ। ਉਨ੍ਹਾਂ ਕਿਹਾ ਕਿ ਅੱਜ ਮਹਿੰਗਾਈ ਅਸਮਾਨੀ ਪਹੁੰਚ ਚੁੱਕੀ ਹੈ। ਮੋਦੀ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਸਾਬਿਤ ਹੋਏ ਹਨ।