ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਚਰ ਰਹੇ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਹੁਣ ਅਕਾਲੀ ਦਲ ਅੰਮ੍ਰਿਤਸਰ ਦੇ ਸਮਰਥਨ ਨਾਲ ਬਠਿੰਡਾ ਤੋਂ ਚੋਣ ਲੜਨਗੇ। ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਲੱਖਾ ਸਿਧਾਣਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਬਠਿੰਡਾ ਤੋਂ ਉਮੀਦਵਾਰ ਲੱਖਾ ਸਿੰਘ ਸਿਧਾਣਾ ਹੋਣਗੇ।
ਇਸ ਮੌਕੇ ਲੱਖਾ ਸਿਧਾਣਾ ਵੱਲੋਂ ਸਪਸ਼ਟ ਕੀਤਾ ਗਿਆ ਕਿ ਉਹ ਆਜ਼ਾਦ ਤੌਰ ‘ਤੇ ਚੋਣ ਲੜ ਰਹੇ ਹਨ ਤੇ ਉਨ੍ਹਾਂ ਨੂੰ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਮਰਥਨ ਦਿੱਤਾ ਗਿਆ ਹੈ। ਲੱਖਾ ਸਿਧਾਣਾ ਨੇ ਖੁਲਾਸਾ ਕੀਤਾ ਕਿ ਉਹ ਹਰ ਹਮਖਿਆਲੀ ਪਾਰਟੀ ਦਾ ਸਮਰਥਨ ਲੈਣਗੇ ਤਾਂ ਜੋ ਬਠਿੰਡਾ ਹਲਕੇ ਤੋਂ ਜਿੱਤ ਪ੍ਰਾਪਤ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਰਾਮਪੁਰਾ ਫੂਲ ਹਲਕੇ ਦੇ ਪਿੰਡ ਸਿਧਾਣਾ ਦੇ ਜੰਮਪਲ ਹਨ। ਉਹ ਸਾਲ 2022 ਵਿੱਚ ਮਨਪ੍ਰੀਤ ਸਿੰਘ ਬਾਦਲ ਦੀ ਪੀਪਲਜ਼ ਪਾਰਟੀ ਆਫ ਪੰਜਾਬ ਵੱਲੋਂ ਚੋਣ ਲੜ ਚੁੱਕੇ ਹਨ।
ਲੱਖਾ ਸਿਧਾਣਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਬੋਲੀ ਦੇ ਵਿਕਾਸ ਦੇ ਨਾਂ ‘ਤੇ ਸੜਕਾਂ ਉੱਪਰ ਅੰਗਰੇਜ਼ੀ ਤੇ ਹਿੰਦੀ ਵਿੱਚ ਲਿਖੇ ਬੋਰਡਾਂ ਨੂੰ ਮਿਟਾ ਕੇ ਪੰਜਾਬੀ ਲਿਖਣ ਦੀ ਮੁਹਿੰਮ ਚਲਾ ਰਹੇ ਹਨ। ਦੱਸਣਯੋਗ ਹੈ ਕਿ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲੱਖਾ ਸਿਧਾਣਾ ਸਮੇਤ ਹੁਣ ਤੱਕ 11 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਵੀ ਮੌਜੂਦ ਸਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …