Breaking News
Home / ਪੰਜਾਬ / ਬੀਬੀ ਜਗੀਰ ਕੌਰ ਨੇ ਢੀਂਡਸਾ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ

ਬੀਬੀ ਜਗੀਰ ਕੌਰ ਨੇ ਢੀਂਡਸਾ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ

ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਦੀ ਟਿਕਟ ਨਾ ਦਿੱਤੇ ਜਾਣ ‘ਤੇ ਹਾਅ ਦਾ ਨਾਅਰਾ ਮਾਰਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਸੁਖਦੇਵ ਸਿੰਘ ਢੀਂਡਸਾ ਪਾਰਟੀ ਵਿੱਚ ਪਰਤੇ ਹਨ ਤਾਂ ਇਸ ਹਾਲਤ ਵਿਚ ਉਨ੍ਹਾਂ ਦਾ ਭਰੋਸਾ ਨਹੀਂ ਸੀ ਤੋੜਨਾ ਚਾਹੀਦਾ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਦੀ ਟਿਕਟ ਦਾ ਐਲਾਨ ਕਰਨ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨਾਲ ਸਲਾਹ ਮਸ਼ਵਰਾ ਜ਼ਰੂਰ ਕਰਨਾ ਚਾਹੀਦਾ ਸੀ। ਜਦੋਂ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਫ਼ੋਨ ‘ਤੇ ਗੱਲ ਕੀਤੀ ਤਾਂ ਢੀਂਡਸਾ ਸਾਹਿਬ ਕਾਫੀ ਪ੍ਰੇਸ਼ਾਨੀ ਮਹਿਸੂਸ ਕਰ ਰਹੇ ਸਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਲੋਕ ਸਭਾ ਦੀ ਟਿਕਟ ਲੈਣ ਦੀ ਇੱਛਾ ਨਾਲ ਪਾਰਟੀ ਵਿਚ ਮੁੜ ਸ਼ਾਮਲ ਹੋਏ ਸਨ। ਪਤਾ ਨਹੀਂ ਪਾਰਟੀ ਪ੍ਰਧਾਨ ਨੇ ਕਿਹੜੀ ਮਜਬੂਰੀ ਵਿੱਚ ਉਨ੍ਹਾਂ ਨੂੰ ਟਿਕਟ ਨਾ ਦੇਣ ਦਾ ਫੈਸਲਾ ਲਿਆ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਜਦੋਂ ਹੁਣ ਪਾਰਟੀ ਛੱਡ ਗਏ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਰਹੇ ਹਨ ਤਾਂ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਣਾ ਬਹੁਤ ਜ਼ਰੂਰੀ ਹੁੰਦਾ ਹੈ। ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਕਿ ਉਹ ਪਾਰਟੀ ਲੀਡਰਸ਼ਿਪ ਦੇ ਫੈਸਲੇ ਦੀ ਆਲੋਚਨਾ ਨਹੀਂ ਕਰ ਰਹੀ। ਧਿਆਨ ਰਹੇ ਕਿ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਦਾ ਰਲੇਵਾ ਲੰਘੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਕਰ ਲਿਆ ਸੀ। ਇਸੇ ਤਰ੍ਹਾਂ ਬੀਬੀ ਜਗੀਰ ਕੌਰ ਵੀ ਮੁੜ ਅਕਾਲੀ ਦਲ ‘ਚ ਸ਼ਾਮਲ ਹੋ ਗਏ ਸਨ।

 

 

Check Also

ਸ਼੍ਰੋਮਣੀ ਅਕਾਲੀ ਦਲ ‘ਚ ਪਿਆ ਸਿਆਸੀ ਕਲੇਸ਼ ਹੋਰ ਵਧਿਆ

ਸੀਨੀਅਰ ਅਕਾਲੀ ਆਗੂਆਂ ਨੇ ਜਲੰਧਰ ‘ਚ ਕੀਤੀ ਵੱਖਰੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ …