ਕਰਮਜੀਤ ਕੌਰ ਚੌਧਰੀ ਟਿਕਟ ਨਾ ਮਿਲਣ ਕਰਕੇ ਕਾਂਗਰਸ ਪਾਰਟੀ ਨਾਲ ਚੱਲ ਰਹੇ ਸਨ ਨਾਰਾਜ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਸਵਰਗੀ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ, ਅਤੇ ਹਿਮਾਚਲ ਪ੍ਰਦੇਸ਼ ਤੋਂ ਕਾਂਗਰਸ ਪਾਰਟੀ ਦੇ ਸਹਿ ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਇਨ੍ਹਾਂ ਤਿੰਨੋਂ ਆਗੂਆਂ ਨੇ ਭਾਜਪਾ ਦੇ ਨਵੀਂ ਦਿੱਲੀ ਸਥਿਤ ਦਫ਼ਤਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਸਾਬਕਾ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਮੰਨੇ ਜਾ ਰਹੇ ਸਨ ਪ੍ਰੰਤੂ ਕਾਂਗਰਸ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਟਿਕਟ ਦੇ ਦਿੱਤੀ। ਜਿਸ ਤੋਂ ਨਾਰਾਜ਼ ਕਰਮਜੀਤ ਕੌਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਕਰਮਜੀਤ ਕੌਰ ਚੌਧਰੀ ਨੇ ਜਲੰਧਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜੀ ਸੀ ਪ੍ਰੰਤੂ ਉਹ ਆਮ ਆਦਮੀ ਪਾਰਟੀ ਦੇ ਸੁਸੀਲ ਕੁਮਾਰ ਰਿੰਕੂ ਕੋਲੋਂ ਚੋਣ ਹਾਰ ਗਏ ਸਨ। ਭਾਜਪਾ ’ਚ ਸ਼ਾਮਲ ਹੋਈ ਕਰਮਜੀਤ ਕੌਰ ਚੌਧਰੀ ਦਾ ਬੇਟਾ ਵਿਕਰਮ ਚੌਧਰੀ ਫਿਲੌਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਨ ਪ੍ਰੰਤੂ ਉਹ ਭਾਜਪਾ ’ਚ ਸ਼ਾਮਲ ਨਹੀਂ ਹੋਏ। ਜਦਕਿ ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜਲਦੀ ਹੀ ਵਿਕਰਮ ਚੌਧਰੀ ਅਤੇ ਰਮਿੰਦਰ ਆਂਵਲਾ ਵੀ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ।