ਕਿਹਾ : ਦੇਸ਼ ਵਿਚੋਂ ਰਾਖਵਾਂਕਰਨ ਕਦੇ ਵੀ ਖਤਮ ਨਹੀਂ ਹੋਵੇਗਾ
ਟੌਂਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਟੌਂਕ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਵਿਚੋਂ ਰਾਖਵਾਂਕਰਨ ਕਦੇ ਵੀ ਖਤਮ ਨਹੀਂ ਹੋਵੇਗਾ। ਉਨ੍ਹਾਂ ਰਾਜਸਥਾਨ ਦੇ ਉਨਿਆਰਾ ’ਚ ਕਾਂਗਰਸ ਪਾਰਟੀ ’ਤੇ ਘਟੀਆ ਰਾਜਨੀਤੀ ਕਰਨ ਦਾ ਆਰੋਪ ਵੀ ਲਗਾਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੇ ਦਲਿਤਾਂ ਅਤੇ ਆਦਿਵਾਸੀਆਂ ਨੂੰ ਮਿਲੇ ਰਾਖਵੇਂਕਰਨ ਨੂੰ ਘੱਟ ਕਰਕੇ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਹੈ ਪ੍ਰੰਤੂ ਭਾਰਤੀ ਜਨਤਾ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਸਾਲ 2004 ’ਚ ਕਾਂਗਰਸ ਪਾਰਟੀ ਨੇ ਸਭ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ’ਚ ਐਸਸੀ, ਐਸਟੀ ਦੇ ਰਾਖਵੇਂਕਰਨ ’ਚ ਕਟੌਤੀ ਕਰਕੇ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਉਹ ਆਪਣੇ ਮਨਸੂਬੇ ਵਿਚ ਕਾਮਯਾਬ ਨਹੀਂ ਹੋ ਸਕੀ ਸੀ।