![](https://parvasinewspaper.com/wp-content/uploads/2024/04/Robin-Skampla.jpg)
ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ
ਜਲੰਧਰ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਭਾਜਪਾ ਐਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਅਤੇ ਜਲੰਧਰ ਸੈਂਟਰਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੇ ਰੌਬਿਨ ਸਾਂਪਲਾ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਵਾਇਆ। ਧਿਆਨ ਰਹੇ ਕਿ ਰੌਬਿਨ ਸਾਂਪਲਾ ਜਲੰਧਰ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਦੇ ਦਾਅਵੇਦਾਰ ਮੰਨੇ ਜਾ ਰਹੇ ਸਨ। ਦਲ ਬਦਲੀ ਦੇ ਚੱਲ ਰਹੇ ਮੌਸਮ ਦੌਰਾਨ ‘ਆਪ’ ਦੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਭਾਜਪਾ ਨੇ ਰਿੰਕੂ ਤੋਂ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ, ਜਿਸ ਨੂੰ ਲੈ ਕੇ ਰੌਬਿਨ ਸਾਂਪਲਾ ਭਾਜਪਾ ਨਾਲ ਨਰਾਜ਼ ਚੱਲ ਰਹੇ ਸਨ। ਜ਼ਿਕਰਯੋਗ ਹੈ ਕਿ ਰੌਬਿਨ ਸਾਂਪਲਾ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ।