ਸਰਵਣ ਸਿੰਘ ਪੰਧੇਰ ਨੇ ਕਿਹਾ : 1 ਮਈ ਨੂੰ ਮਜ਼ਦੂਰ ਦਿਵਸ ਵੀ ਮਨਾਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸ਼ਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਕਿਸਾਨ ਪਿਛਲੇ ਹਫਤੇ ਤੋਂ ਪਟਿਆਲਾ ਜ਼ਿਲ੍ਹੇ ਵਿਚ ਪੈਂਦੇ ਸ਼ੰਭੂ ਬਾਰਡਰ ਵਿਖੇ ਰੇਲਵੇ ਸਟੇਸ਼ਨ ’ਤੇ ਟਰੈਕ ਜਾਮ ਕਰਕੇ ਧਰਨਾ ਦੇ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਗਿ੍ਰਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਨਹੀਂ ਹੁੰਦੀ, ਉਦੋਂ ਤੱਕ ਰੇਲਵੇ ਟਰੈਕ ’ਤੇ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਅਲਟੀਮੇਟਮ ਵੀ ਦਿੱਤਾ ਹੋਇਆ ਹੈ। ਕਿਸਾਨਾਂ ਦੇ ਇਸ ਧਰਨੇ ਕਾਰਨ ਰੇਲਵੇ ਵਿਭਾਗ ਨੂੰ ਕਈ ਟਰੇਨਾਂ ਕੈਂਸਲ ਕਰਨੀਆਂ ਪੈ ਰਹੀਆਂ ਹਨ ਅਤੇ ਕਈ ਟਰੇਨਾਂ ਦੇ ਰੂਟ ਵੀ ਬਦਲਣੇ ਪੈ ਰਹੇ ਹਨ। ਇਸਦੇ ਚੱਲਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 22 ਮਈ ਨੂੰ ਇਸ ਧਰਨੇ ਨੂੰ 100 ਦਿਨ ਹੋ ਜਾਣਗੇ, ਉਸ ਦਿਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋਣਗੇ। ਪੰਧੇਰ ਨੇ ਕਿਹਾ ਕਿ 1 ਮਈ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਮਜ਼ਦੂਰ ਦਿਵਸ ਵੀ ਮਨਾਇਆ ਜਾਵੇਗਾ।