ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ
ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਪੰਜਾਬ ਕਰਜ਼ਾ ਮੁਕਤ ਹੁੰਦਾ ਦਿਖਾਈ ਨਹੀਂ ਦੇ ਰਿਹਾ। ਜਿਸ ਦੇ ਚਲਦਿਆਂ ਆਏ ਦਿਨ ਕਰਜ਼ੇ ਤੋਂ ਪ੍ਰੇਸ਼ਾਨ ਪੰਜਾਬ ਦਾ ਕਿਸਾਨ ਆਤਮ ਹੱਤਿਆ ਕਰਨ ਲਈ ਮਜਬੂਰ ਹੁੰਦਾ ਹੈ। ਅੱਜ ਜਗਰਾਓਂ ਦੇ ਪਿੰਡ ਮੱਲਾ ਤੋਂ ਇਕ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲੈਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਅਤੇ ਮਿ੍ਰਤਕ ਦੀ ਪਹਿਚਾਣ ਸੁਖਮੰਦਰ ਸਿੰਘ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਨ ਕਿਸਾਨ ਸੁਖਮੰਦਰ ਸਿੰਘ ਸਿਰ ਚੜ੍ਹੇ ਕਰਜ਼ੇ ਤੋਂ ਕਾਫ਼ੀ ਪ੍ਰੇਸ਼ਾਨ ਸੀ। ਮਿ੍ਰਤਕ ਦੇ ਪੁੱਤਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਿਰ ਲੱਖਾਂ ਰੁਪਏ ਦਾ ਕਰਜ਼ਾ ਸੀ ਅਤੇ ਉਸ ਦਾ ਪਿਤਾ ਆਪਣੀਆਂ ਤਿੰਨ ਧੀਆਂ ਦੇ ਵਿਆਹ ਨੂੰ ਲੈ ਕੇ ਕਾਫ਼ੀ ਚਿੰਤਤ ਸਨ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਦੇ ਪਿਤਾ ਨੇ ਜ਼ਹਿਰੀਲੀ ਦਵਾਈ ਪੀ ਲਈ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।