ਅੰਮ੍ਰਿਤਸਰ : ਭਾਜਪਾ ਦੇ ਉਮੀਦਵਾਰਾਂ ਨੂੰ ਕਿਸਾਨਾਂ ਅੱਗੇ ਜਵਾਬਦੇਹ ਹੋਣਾ ਪੈ ਰਿਹਾ ਹੈ। ਇਸੇ ਤਰ੍ਹਾਂ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਕੋਲੋਂ ਵੀ ਜਵਾਬ ਮੰਗ ਰਹੇ ਹਨ। ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਦਰਬਾਰ ਸਾਹਿਬ ‘ਚ ਭਾਂਡੇ ਮਾਂਜਣ ਅਤੇ ਜੋੜੇ ਸਾਫ਼ ਕਰਨ ਦੀ ਸੇਵਾ ਕੀਤੀ। ਇੱਥੇ ਇੱਕ ਸ਼ਰਧਾਲੂ ਨੇ ਉਨ੍ਹਾਂ ਕੋਲੋਂ ਨਸ਼ਿਆਂ ਦੇ ਰੁਝਾਨ ਨੂੰ ਖ਼ਤਮ ਕਰਨ ਵਿੱਚ ਅਸਫ਼ਲ ਰਹਿਣ ਸਬੰਧੀ ਜਵਾਬ ਮੰਗਿਆ।
ਭੁੱਲਰ ਜਦੋਂ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸਨ ਤਾਂ ਸ਼ਰਧਾਲੂ ਨੌਜਵਾਨ ਨੇ ਉਨ੍ਹਾਂ ਕੋਲੋਂ ਨਸ਼ੇ ਖਤਮ ਕਰਨ ਵਿੱਚ ਅਸਫ਼ਲ ਰਹਿਣ ਬਾਰੇ ਸਵਾਲ ਕੀਤਾ। ਕੈਬਨਿਟ ਮੰਤਰੀ ਉਸਦੀ ਗੱਲ ਸੁਣੇ ਬਿਨਾਂ ਹੀ ਅਗਾਂਹ ਚਲੇ ਗਏ। ਇਹ ਨੌਜਵਾਨ ਆਖ ਰਿਹਾ ਸੀ ‘ਆਪ’ ਦੀ ਸਰਕਾਰ ਪੰਜਾਬ ਵਿੱਚੋਂ ਨਸ਼ੇ ਖਤਮ ਕਰਨ ਦਾ ਟੀਚਾ ਲੈ ਕੇ ਸੱਤਾ ਵਿੱਚ ਆਈ ਸੀ ਪਰ ਉਹ ਨਸਿਆਂ ਦਾ ਰੁਝਾਨ ਖ਼ਤਮ ਕਰਨ ਵਿੱਚ ਅਸਫ਼ਲ ਰਹੀ ਹੈ। ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਉਹ ਖੁਦ ਵੀ ਨਸ਼ਿਆਂ ਦਾ ਰੁਝਾਨ ਖ਼ਤਮ ਹੋਣ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਸਬੰਧਤ ਨੌਜਵਾਨ ਨੇ ਉਨ੍ਹਾਂ ਦਾ ਵਿਰੋਧ ਨਹੀਂ ਕੀਤਾ ਸਗੋਂ ਇਸ ਮਾਮਲੇ ਵਿੱਚ ਗੱਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਵਿਅਕਤੀ ਨਸ਼ਿਆਂ ਦੇ ਕਾਰੋਬਾਰ ਦੇ ਮਾਮਲੇ ਵਿੱਚ ਫੜਿਆ ਜਾਵੇ ਤਾਂ ਉਸ ਦੀ ਗਵਾਹੀ ਦੇਣ ਜਾਂ ਉਸ ਦਾ ਸਮਰਥਨ ਨਾ ਕੀਤਾ ਜਾਵੇ। ਪਿਛਲੇ ਦਿਨੀ ਦੋ ਬਿਰਾਦਰੀਆਂ ਬਾਰੇ ਬੋਲੇ ਅਪਸ਼ਬਦਾਂ ਸਬੰਧੀ ਉਨ੍ਹਾਂ ਕਿਹਾ ਕਿ ਉਹ ਗੁਰੂਘਰ ਵਿਖੇ ਨਤਮਸਤਕ ਹੋ ਕੇ ਆਪਣੀ ਭੁੱਲ ਬਖਸ਼ਾਉਣ ਆਏ ਹਨ। ਉਨ੍ਹਾਂ ਕਿਹਾ ਕਿ ਉਸ ਵੇਲੇ ਗਲਤੀ ਨਾਲ ਮੂੰਹੋਂ ਅਜਿਹੇ ਅਪਸ਼ਬਦ ਨਿਕਲ ਗਏ ਸਨ। ‘ਆਪ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਸਰਕਾਰ ਦੀ ਕਾਰਜ ਪ੍ਰਣਾਲੀ ‘ਤੇ ਉਠਾਈ ਜਾ ਰਹੀ ਉਂਗਲ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਟਾਲਾ ਵੱਟਣਾ ਬਿਹਤਰ ਸਮਝਿਆ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …