ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿੰਦਰ ਸਿੰਘ ਕੇਪੀ ਦੇ ਘਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਿਆਸੀ ਹਾਲਾਤ ਵਿਚ ਸਿਰਫ ਇਕ ਖੇਤਰੀ ਪਾਰਟੀ ਹੀ ਪੰਜਾਬੀਆਂ ਦੀਆਂ ਆਸਾਂ ‘ਤੇ ਖਰੀ ਉਤਰ ਸਕਦੀ ਹੈ। ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਘੱਟ ਗਿਣਤੀਆਂ ਦੇ ਵਿਰੁੱਧ ਬਿਆਨ ਨਹੀਂ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਕ ਭਾਈਚਾਰੇ ਨੂੰ ਦੂਜੇ ਨਾਲ ਭਾਈਚਾਰੇ ਨਾਲ ਲੜਾਉਣ ਦੀ ਨੀਤੀ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਬਾਦਲ ਨੇ ਸਾਰੀਆਂ ਕੌਮੀ ਪਾਰਟੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਇਸ ਦੇਸ਼ ਨੂੰ ਸਭ ਦਾ ਮੰਨਣਾ ਚਾਹੀਦਾ ਹੈ ਨਾ ਕਿ ਕਿਸੇ ਇਕ ਭਾਈਚਾਰੇ ਦਾ, ਨਹੀਂ ਤਾਂ ਦੇਸ਼ ਵਿਕਾਸ ਹੀ ਨਹੀਂ ਕਰ ਸਕੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਵਾਲੀਆਂ ਪਾਰਟੀਆਂ ਵੱਲੋਂ ਇਕ ਭਾਈਚਾਰੇ ਨੂੰ ਦੂਜੇ ਨਾਲ ਲੜਾਉਣ ਦੀ ਨੀਤੀ ਦੇ ਉਲਟ ਅਕਾਲੀ ਦਲ ਪੰਜਾਬ ਵਿਚ ਅਜਿਹਾ ਕਦੇ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਕਾਲੀ ਦਲ ਤੋਂ ਸਿੱਖਣਾ ਚਾਹੀਦਾ ਹੈ। ਜਦੋਂ ਵੀ ਉਨ੍ਹਾਂ ਦੀ ਸਰਕਾਰ ਹੁੰਦੀ ਹੈ ਤਾਂ ਉਨ੍ਹਾਂ ਇਕੋ ਏਜੰਡਾ, ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੁੰਦਾ ਹੈ।