Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਬਾਦਲ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਬਾਦਲ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ

ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ; ਮਹਿੰਦਰ ਕੇਪੀ ਨੂੰ ਜਲੰਧਰ ਤੋਂ, ਹੁਸ਼ਿਆਰਪੁਰ ਤੋਂ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਤੇ ਲੁਧਿਆਣਾ ਤੋਂ ਰਣਜੀਤ ਢਿੱਲੋਂ ਨੂੰ ਟਿਕਟ, ਚੰਡੀਗੜ੍ਹ ਤੋਂ ਸਾਬਕਾ ਡਿਪਟੀ ਮੇਅਰ ਹਰਦੀਪ ਸਿੰਘ ‘ਤੇ ਦਾਅ ਖੇਡਿਆ
ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ।
ਉਨ੍ਹਾਂ ਚੰਡੀਗੜ੍ਹ ਦੀ ਇੱਕੋ-ਇੱਕ ਸੀਟ ਸਣੇ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ ਜਦੋਂਕਿ ਸ੍ਰੀ ਖਡੂਰ ਸਾਹਿਬ ਵਾਲੀ ਸੀਟ ਲਈ ਉਮੀਦਵਾਰ ਬਾਅਦ ਵਿਚ ਐਲਾਨਿਆ ਜਾਵੇਗਾ। ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਫੌਰੀ ਮਗਰੋਂ ਜਲੰਧਰ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ। ਇਸੇ ਤਰ੍ਹਾਂ ਦੋਆਬੇ ਦੀ ਦੂਜੀ ਰਾਖਵੀਂ ਸੀਟ ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਫਿਰੋਜ਼ਪੁਰ ਤੋਂ ਨਰਦੇਵ ਸਿੰਘ (ਬੌਬੀ ਮਾਨ) ਤੇ ਬਠਿੰਡਾ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਚੰਡੀਗੜ੍ਹ ਤੋਂ ਸਾਬਕਾ ਡਿਪਟੀ ਮੇਅਰ ਹਰਦੀਪ ਸਿੰਘ ਸੈਣੀ ਨੂੰ ਪਾਰਟੀ ਨੇ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਸ੍ਰੀ ਖਡੂਰ ਸਾਹਿਬ ਹਲਕੇ ਤੋਂ ਅਜੇ ਕਿਸੇ ਵੀ ਆਗੂ ਨੂੰ ਉਮੀਦਵਾਰ ਨਹੀਂ ਬਣਾਇਆ ਗਿਆ। ਇਸ ਸੀਟ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ। ਇਸ ਬਾਬਤ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਲਦੀ ਇਸ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਜਾਵੇਗਾ। ਬਠਿੰਡਾ ਸੀਟ ਤੋਂ ਵੀ ਜਦੋਂ ਨਾਂਅ ਦਾ ਐਲਾਨ ਕੀਤਾ ਜਾਣਾ ਸੀ ਤਾਂ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਹੀ ਸਵਾਲ ਕੀਤਾ ਕਿ ਉਮੀਦਵਾਰ ਦੇ ਨਾਂਅ ਬਾਰੇ ਅੰਦਾਜ਼ਾ ਲਗਾਉ ਤਾਂ ਇੱਕ ਸੀਨੀਅਰ ਪੱਤਰਕਾਰ ਨੇ ਕਿਹਾ ਕਿ ਇਸ ਵਿੱਚ ਅੰਦਾਜ਼ਾ ਲਗਾਉਣ ਵਾਲੀ ਕਿਹੜੀ ਗੱਲ ਹੈ, ਉਮੀਦਵਾਰ ਬਾਰੇ ਸਭ ਨੂੰ ਹੀ ਪਤਾ ਹੈ।
ਮਹਿੰਦਰ ਸਿੰਘ ਕੇਪੀ ਅਕਾਲੀ ਦਲ ‘ਚ ਸ਼ਾਮਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿੰਦਰ ਸਿੰਘ ਕੇਪੀ ਦੇ ਜਲੰਧਰ ਸਥਿਤ ਘਰ ਜਾ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਬਾਦਲ ਨੇ ਕੇਪੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਹ ਸਾਫ ਸੁਥਰੇ ਅਕਸ ਵਾਲੇ ਆਗੂ ਹਨ ਤੇ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਕੇਪੀ ਨੇ ਵੀ ਪੰਜਾਬ ਦੀ ਸਿਆਸਤ ਵਿੱਚ ਤੇ ਖ਼ਾਸ ਕਰਕੇ ਦਲਿਤ ਸਮਾਜ ਲਈ ਮਿਸਾਲੀ ਕੰਮ ਕੀਤੇ ਸਨ। ਉਨ੍ਹਾਂ ਕਿਹਾ ਕਿ ਕੇਪੀ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਇਕੱਲੇ ਦੋਆਬੇ ਵਿੱਚ ਹੀ ਨਹੀਂ ਸਗੋਂ ਸਮੁੱਚੇ ਪੰਜਾਬ ਵਿਚ ਅਕਾਲੀ ਦਲ ਨੂੰ ਵੱਡਾ ਫਾਇਦਾ ਹੋਵੇਗਾ।

 

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …