ਕਾਂਗਰਸ ਤੇ ‘ਆਪ’ ਨੇ ਬਣਾਈ ਕਮੇਟੀ, ਨਾਮਜ਼ਦਗੀ ਤੋਂ ਬਾਅਦ ਮੈਨੀਫੈਸਟੋ ਕੀਤਾ ਜਾਵੇਗਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੇਅਰ ਦੀ ਚੋਣ ਜਿੱਤਣ ਤੋਂ ਬਾਅਦ ‘ਇੰਡੀਆ ਗੱਠਜੋੜ’ ’ਚ ਸ਼ਾਮਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੰਡੀਗੜ੍ਹ ’ਚ ਆਪਣਾ ਸੰਸਦ ਮੈਂਬਰ ਬਣਾਉਣ ਪੂਰੀ ਤਾਕਤ ਲਗਾ ਦਿੱਤੀ ਹੈ। ਦੋਵੇਂ ਪਾਰਟੀ ਦੇ ਆਗੂਆਂ ਵੱਲੋਂ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਸਥਾਨਕ ਮੁੱਦਿਆਂ ਨੂੰ ਧਿਆਨ ਵਿਚ ਰੱਖਦੇ ਹੋਏ ‘ਆਪ’ ਅਤੇ ਕਾਂਗਰਸ ਵੱਲੋਂ ਮਿਲ ਕੇ ਚੋਣ ਮੈਨੀਫੈਸਟੋ ਵੀ ਤਿਆਰ ਕੀਤਾ ਜਾ ਰਿਹਾ ਹੈ। ਮੈਨੀਫੈਸਟੋ ’ਚ ਉਨ੍ਹਾਂ ਸਾਰੇ ਮੁੱਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ, ਜਿਨ੍ਹਾਂ ਕਾਰਨ ਲੋਕਾਂ ਨੂੰ ਕਈ ਸਾਲਾਂ ਤੋਂ ਚੰਡੀਗੜ੍ਹ ’ਚ ਮੁੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੋਣ ਮੈਨੀਫੈਸਟੋ ਕਾਂਗਰਸੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਮਗਰੋਂ ਰਿਲੀਜ਼ ਕੀਤਾ ਜਾਵੇਗਾ। ਮੈਨੀਫੈਸਟੋ ’ਚ ਹਰ ਘਰ ਨੂੰ ਪ੍ਰਤੀ ਮਹੀਨਾ 20 ਹਜ਼ਾਰ ਲੀਟਰ ਮੁਫ਼ਤ ਪਾਣੀ, ਮੁਫ਼ਤ ਪਾਰਕਿੰਗ ਅਤੇ ਚੰਡੀਗੜ੍ਹ ’ਚ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਵਾਲੇ ਮੁੱਦਿਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।