32 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਅੱਜ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਫਰਮਾਨ ਸਿੰਘ ਸੰਧੂ, ਹਰਿੰਦਰ ਸਿੰਘ ਲੱਖੋਵਾਲ ਅਤੇ ਮਨਜੀਤ ਸਿੰਘ ਧਨੇਰ ਵੱਲੋਂ ਕੀਤੀ ਗਈ। ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡਾਂ ਵਿਚ ਆਮ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਨੂੰ ਇਕ 11 ਸਵਾਲਾਂ ਦਾ ਪੋਸਟਰ ਦਿੱਤਾ ਜਾਵੇਗਾ ਜੋ ਪਿੰਡ ਵਾਸੀਆਂ ਨੇ ਪਿੰਡਾਂ ’ਚ ਆਉਣ ਵਾਲੇ ਭਾਜਪਾ ਆਗੂਆਂ ਨੂੰ ਪੁੱਛਣੇ ਹਨ। ਕਿਸਾਨ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਭਾਜਪਾ ਆਗੂਆਂ ਤੋਂ ਸ਼ਾਂਤਮਈ ਢੰਗ ਨਾਲ ਹੀ ਸਵਾਲ ਪੁੱਛੇ ਜਾਣ। ਇਸ ਤੋਂ ਇਲਾਵਾ 21 ਮਈ ਨੂੰ ਜਗਰਾਉਂ ਵਿਖੇ ਕਿਸਾਨ ਮਹਾ ਪੰਚਾਇਤ ਸੱਦੀ ਜਾਵੇਗੀ ਅਤੇ ਲੱਖਾਂ ਪੋਸਟਰ ਵੰਡੇ ਜਾਣਗੇ। ਇਸ ਮੀਟਿੰਗ ਵਿਚ ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜ ਗਿੱਲ, ਰੁਲਦੂ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ।