ਕਿਹਾ : ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਤੋਂ ਸਿਵਾਏ ਕੁੱਝ ਨਹੀਂ ਕੀਤਾ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਰਿੰਕੂ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਇਸ ਲਈ ਜੁਆਇਨ ਕੀਤੀ ਸੀ ਕਿ ਇਹ ਲੋਕ ਪੰਜਾਬ ਅੰਦਰ ਬਦਲਾਅ ਲਿਆਉਣ। ਪ੍ਰੰਤੂ ਅਜਿਹਾ ਕੁੱਝ ਵੀ ਨਹੀਂ ਹੋਇਆ ਬਲਕਿ ‘ਆਪ’ ਵੱਲੋਂ ਪੰਜਾਬ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਰੋਪ ਲਗਾਇਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਭਰਮਾਉਣ ਤੋਂ ਸਿਵਾਏ ਕੁੱਝ ਨਹੀਂ ਕੀਤਾ। ਰਿੰਕੂ ਨੇ ਕਿਹਾ ਕਿ ਪੰਜਾਬ ਦੇ ਲੋਕ ਸੰਪਰਕ ਵਿਭਾਗ ਵੱਲੋਂ ਸਭ ਤੋਂ ਜ਼ਿਆਦਾ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੀਆਂ ਵੀ ਸਰਕਾਰਾਂ ਪੰਜਾਬ ਅੰਦਰ ਬਣੀਆਂ ਉਨ੍ਹਾਂ ਵੱਲੋਂ ਸਾਰੇ ਮੀਡੀਆ ਅਦਾਰਿਆਂ ਨੂੰ ਇਸ਼ਤਿਹਾਰ ਦਿੱਤੇ ਜਾਂਦੇ ਸਨ। ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਮਾਮਲੇ ’ਚ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਪਿਛਲੀਆਂ ਸਰਕਾਰਾਂ ਵੱਲੋਂ ਇਸ਼ਤਿਹਾਰਾਂ ’ਤੇ ਸਿਰਫ਼ 20 ਤੋਂ 25 ਕਰੋੜ ਰੁਪਏ ਖਰਚੇ ਜਾਂਦੇ ਸਨ ਪ੍ਰੰਤੂ ‘ਆਪ’ ਸਰਕਾਰ ਇਕ ਸਾਲ ਦੇ ਅੰਦਰ ਇਸ਼ਤਿਹਾਰਾਂ ’ਤੇ 800 ਕਰੋੜ ਰੁਪਏ ਖਰਚ ਦਿੱਤੇ ਗਏ। ਸੁਸ਼ੀਲ ਰਿੰਕੂ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਦੇਸ਼ ਦੇ ਹਰ ਸੂਬੇ ਵਿਚ ਇਸ਼ਤਿਹਾਰ ਦਿੱਤੇ ਜਾ ਰਹੇ ਹਨ ਅਤੇ ਇਨ੍ਹਾਂ ’ਤੇ ਪੈਸਾ ਪੰਜਾਬ ਦਾ ਲੱਗ ਰਿਹਾ ਹੈ।