ਮੁੱਖ ਮੰਤਰੀ ਭਗਵੰਤ ਮਾਨ ਅਤੇ ਮੀਤ ਹੇਅਰ ਵੱਲੋਂ ਕੀਤਾ ਗਿਆ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਧੂਰੀ ਤੋਂ ਸਾਬਕਾ ਵਿਧਾਇਕ ਰਹੇ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਦਲਬੀਰ ਸਿੰਘ ਗੋਲਡੀ ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਲੋਕ ਸਭਾ ਦੀ ਟਿਕਟ ਦਿੱਤੇ ਜਾਣ ਕਾਰਨ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ। ਗੋਲਡੀ ਵੱਲੋਂ ਲੰਘੇ ਕੱਲ੍ਹ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦਿੱਤਾ ਗਿਆ ਸੀ ਅਤੇ ਅੱਜ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ’ਚ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਗੋਲਡੀ ਨੇ ਕਾਂਗਰਸ ਨਾਲ ਆਪਣੀ ਨਾਰਾਜ਼ਗੀ ਜਤਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਵੱਡਾ ਭਰਾ ਦੱਸਿਆ। ਉਨ੍ਹਾਂ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਖੁਦ ਸੀਐਮ ਮਾਨ ਦੇ ਖਿਲਾਫ਼ ਚੋਣ ਲੜ ਚੁੱਕੇ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਉਨ੍ਹਾਂ ਨੇ ਮੈਨੂੰ ਆਪਣਾ ਛੋਟਾ ਭਰਾ ਬਣਾਇਆ ਹੈ। ਗੋਲਡੀ ਨੇ ਅੱਗੇ ਕਿਹਾ ਕਿ ਮੈਂ ਪਾਰਟੀ ਵੱਲੋਂ ਲਗਾਈ ਜਾਣ ਵਾਲੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ।