ਕਿਸਾਨ ਆਗੂ ਬੋਲੇ : ਮੰਗਾਂ ਨਾ ਮੰਨੇ ਜਾਣ ਤੱਕ ਅੰਦੋਲਨ ਰਹੇਗਾ ਜਾਰੀ
ਸ਼ੰਭੂ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸ਼ੰਭੂ ਬਾਰਡਰ ਅਤੇ ਰੇਲਵੇ ਸਟੇਸ਼ਨ ’ਤੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਕਿਸਾਨ ਆਗੂਆਂ ਅਤੇ ਮੌਜੂਦ ਕਿਸਾਨਾਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਕਿਸਾਨੀ ਮੰਗਾਂ ਨੂੰ ਮਨਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਸ਼ੁਰੂ ਕੀਤਾ ਗਿਆ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਆਪਣੇ ਗਿ੍ਰਫ਼ਤਾਰ ਕੀਤੇ ਗਏ ਸਾਥੀਆਂ ਨੂੰ ਰਿਹਾਅ ਕਰਵਾਉਣ ਲਈ ਸ਼ੰਭੂ ਰੇਲਵੇ ਸਟੇਸ਼ਨ ’ਤੇ ਵੀ ਪੱਕਾ ਮੋਰਚਾ ਲਗਾਇਆ ਹੋਇਆ ਹੈ। ਜਿਸ ਦੇ ਚਲਦਿਆਂ ਪਿਛਲੇ ਕਈ ਦਿਨਾਂ ਬਹੁਤ ਸਾਰੀਆਂ ਰੇਲ ਗੱਡੀਆਂ ਨੂੰ ਰੱਦ ਕਰਨਾ ਪੈ ਰਿਹਾ ਹਨ ਜਦਕਿ ਕਈ ਟਰੇਨਾਂ ਨੂੰ ਬਦਲੇ ਰੂਟਾਂ ਰਾਹੀਂ ਭੇਜਿਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਕੇ ਲਾਗੂ ਨਹੀਂ ਕਰ ਦਿੰਦੀ ਉਦੋਂ ਤੱਕ ਕਿਸਾਨੀ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।