ਨਿਯਮਾਂ ਦੇ ਉਲਟ ਜਾ ਕੇ ਨਿਯੁਕਤੀਆਂ ਕਰਨ ਦਾ ਲੱਗਿਆ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਬਰਖਾਸਤ ਕੀਤੇ ਗਏ ਮੁਲਾਜ਼ਮਾਂ ਖਿਲਾਫ਼ ਇਹ ਕਾਰਵਾਈ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਦੇ ਹੁਕਮਾਂ ’ਤੇ ਕੀਤੀ ਗਈ ਹੈ। ਰਾਜਪਾਲ ਦੇ ਹੁਕਮ ’ਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ’ਚ ਦੱਸਿਆ ਗਿਆ ਹੈ ਕਿ ਕਮਿਸ਼ਨ ’ਚ ਸਿਰਫ਼ 40 ਪੋਸਟਾਂ ਦੀ ਹੀ ਮਨਜ਼ੂਰੀ ਹੈ ਅਤੇ ਡੀਸੀਡਬਲਿਊ ਕੋਲ ਠੇਕੇ ’ਤੇ ਕਰਮਚਾਰੀ ਰੱਖਣ ਦਾ ਕੋਈ ਅਧਿਕਾਰ ਨਹੀਂ। ਉਧਰ ਦਿੱਲੀ ਮਹਿਲਾ ਕਮਿਸ਼ਨ ਦੇ ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਨਿਯੁਕਤੀਆਂ ਤੋਂ ਪਹਿਲਾਂ ਅਹੁਦਿਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਅਤੇ ਨਾ ਹੀ ਖਜ਼ਾਨੇ ’ਤੇ ਪੈਣ ਵਾਲੇ ਵਾਧੂ ਵਿੱਤੀ ਬੋਝ ਸਬੰਧੀ ਕਿਸੇ ਤੋਂ ਆਗਿਆ ਲਈ ਗਈ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਸ ਸਮੇਂ ਦੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਉਲਟ ਜਾ ਕੇ ਅਤੇ ਬਿਨਾ ਕਿਸੇ ਦੀ ਆਗਿਆ ਤੋਂ ਇਹ ਨਿਯੁਕਤੀਆਂ ਕੀਤੀਆਂ ਸਨ।