Breaking News
Home / ਭਾਰਤ / ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਚ ਬੰਦ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਚ ਬੰਦ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਕੇਜਰੀਵਾਲ ਨੇ ਪੰਜਾਬ ਅਤੇ ਕਿਸਾਨਾਂ ਬਾਰੇ ਪੁੱਛਿਆ: ਭਗਵੰਤ ਮਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਭਗਵੰਤ ਮਾਨ ਨੇ ਦੱਸਿਆ ਕਿ ਕੇਜਰੀਵਾਲ ਨੇ ਪੰਜਾਬ ਤੇ ਸੂਬੇ ਦੇ ਕਿਸਾਨਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਕੇਜਰੀਵਾਲ ਨੇ ਪੁੱਛਿਆ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਤਾਂ ਨਹੀਂ ਆ ਰਹੀ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 158 ਬੱਚਿਆਂ ਨੂੰ ਪਹਿਲੀ ਵਾਰ ਜੇਈਈ ਮੇਨ ਦੀ ਪ੍ਰੀਖਿਆ ਪਾਸ ਕਰਨ ਲਈ ਵਧਾਈ ਦਿੱਤੀ।
ਮਾਨ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਸ਼ੁਰੂ ਹੋ ਗਈ ਹੈ। ਮਾਨ ਨੇ ਦੱਸਿਆ ਕਿ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਬਾਰੇ ਪੁੱਛਿਆ ਕਿਉਂਕਿ ਇਸ ਵੇਲੇ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਆ ਰਹੀ ਹੈ। ਕੇਜਰੀਵਾਲ ਨੇ ਪੁੱਛਿਆ ਕਿ ਕੀ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਸਿੱਧੇ ਖਾਤਿਆਂ ਵਿਚ ਕੀਤਾ ਜਾ ਰਿਹਾ ਹੈ, ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਤਾਂ ਨਹੀਂ ਆ ਰਹੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਕੇਜਰੀਵਾਲ ਨੂੰ ਜਾਣਕਾਰੀ ਦਿੱਤੀ ਕਿ ਸਭ ਕੁਝ ਠੀਕ ਚੱਲ ਰਿਹਾ ਹੈ। ਸੂਬਾ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ, ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟਿਆਂ ਵਿੱਚ ਪੈਸੇ ਭੇਜੇ ਜਾ ਰਹੇ ਹਨ, ਕਣਕ ਦਾ ਸੀਜ਼ਨ ਸਿਖਰ ‘ਤੇ ਹੈ ਜੋ ਤਿੰਨ ਚਾਰ ਦਿਨਾਂ ‘ਚ ਖਤਮ ਹੋ ਜਾਵੇਗਾ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਦਿੱਲੀ ਅਤੇ ਦੇਸ਼ ਬਾਰੇ ਵੀ ਪੁੱਛਿਆ ਜਿਸ ‘ਤੇ ਮਾਨ ਨੇ ਕਿਹਾ ਕਿ ਉਹ ਹੁਣੇ ਹੀ ਗੁਜਰਾਤ ਦੇ ਭਰੂਚ ਅਤੇ ਭਾਵਨਗਰ ਤੋਂ ਆਏ ਹਨ। ਉਥੋਂ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੇਸ਼ ਵਾਸੀ ਕਹਿ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਨਾਲ ਧੱਕਾ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਨੂੰ ਇਹ ਭੁਲੇਖਾ ਹੈ ਕਿ ਇੱਕ ਵਿਅਕਤੀ ਨੂੰ ਜੇਲ੍ਹ ਵਿੱਚ ਪਾ ਕੇ ਉਹ ਸਾਰੀ ਪਾਰਟੀ ਦੀ ਆਵਾਜ਼ ਬੰਦ ਕਰ ਦੇਣਗੇ ਪਰ ਪਾਰਟੀ ਇਸ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਜਿੱਤ ਜਾਂ ਹਾਰ ਦੀ ਚੋਣ ਨਹੀਂ ਹੈ। ਇਹ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ।

Check Also

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ

ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …