ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਿਸਾਨ ਆਗੂਆਂ ਦੀ ਮੀਟਿੰਗ ਹੋਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਉਮੀਦਵਾਰਾਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਨਰਿੰਦਰ ਮੋਦੀ, ਅਮਿਤ ਸ਼ਾਹ ਜਾਂ ਹੋਰ ਵੱਡੇ ਸਿਆਸੀ ਆਗੂ ਦੀ ਆਮਦ ‘ਤੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਫੁਰਮਾਨ ਸਿੰਘ ਸੰਧੂ ਤੇ ਬਲਵੀਰ ਸਿੰਘ ਰਾਜੇਵਾਲ ਆਦਿ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੋਦੀ ਤੇ ਸ਼ਾਹ ਦੀ ਆਮਦ ‘ਤੇ ਜ਼ਿਲ੍ਹਾ ਤੇ ਤਹਿਸੀਲ ਪੱਧਰ ‘ਤੇ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਕਾਰਪੋਰੇਟ ਪੱਖੀ, ਕਿਸਾਨ ਮਜ਼ਦੂਰ ਵਿਰੋਧੀ ਤੇ ਫੈਡਰਲਿਜ਼ਮ ਵਿਰੋਧੀ ਪਾਰਟੀ ਹੈ, ਜਿਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਬਚੀ ਖੁਚੀ ਜਮਹੂਰੀਅਤ ਨੂੰ ਵੀ ਖਤਮ ਕਰਨ ਦਾ ਯਤਨ ਕੀਤਾ ਗਿਆ ਹੈ। ਇਸੇ ਲਈ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਜਾਰੀ ਰਹੇਗਾ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ 21 ਮਈ ਨੂੰ ਜਗਰਾਉਂ ਵਿਖੇ ਕੀਤੀ ਜਾਣ ਵਾਲੀ ਮਹਾਂਰੈਲੀ ਦੀਆਂ ਤਿਆਰੀਆਂ ਵੀ ਖਿੱਚ ਦਿੱਤੀਆਂ ਹਨ। ਇਸ ਰੈਲੀ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਕਿਸਾਨ-ਮਜ਼ਦੂਰ ਤੇ ਬੀਬੀਆਂ ਸ਼ਾਮਲ ਹੋਣਗੀਆਂ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮਹਾਂਰੈਲੀ ਦਾ ਪ੍ਰਬੰਧ ਕਰਨ ਲਈ ਸੱਤ ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਹੈ। ਮਹਾਂ ਰੈਲੀ ਦੇ ਪ੍ਰਬੰਧਾਂ ਦੀ ਸੁਚੱਜੇ ਢੰਗ ਨਾਲ ਵਿਉਂਤਬੰਦੀ ਕਰਨ ਲਈ ਪ੍ਰਬੰਧਕ ਕਮੇਟੀ ਦੀ ਮੀਟਿੰਗ 11 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਖੇ ਸਵੇਰੇ 11 ਵਜੇ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਕੀਤੀ ਜਾਵੇਗੀ।
ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਾੜਨਾ
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਹਾੜ੍ਹੀ ਦੇ ਸੀਜ਼ਨ ਦੇ ਚਲਦਿਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਪੂਰੀ ਕੀਤੀ ਜਾਵੇ, ਲਿਫਟਿੰਗ ਤੁਰੰਤ ਕਰਵਾਈ ਜਾਵੇ, ਜਿਪਸਮ ਅਤੇ ਜੰਤਰ ਦੇ ਬੀਅ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ‘ਤੇ ਸੂਬਾ ਸਰਕਾਰ ਵਿਰੁੱਧ ਸੰਘਰਸ਼ ਕੀਤਾ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …