25.2 C
Toronto
Thursday, September 11, 2025
spot_img
Homeਪੰਜਾਬਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ 'ਚ ਸ਼ਾਮਲ

ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ‘ਚ ਸ਼ਾਮਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਸਾਬਕਾ ਐਡੀਸ਼ਨਲ ਡਾਇਰੈਕਟਰ ਜਨਰਲ (ਏਡੀਜੀਪੀ) ਗੁਰਿੰਦਰ ਸਿੰਘ ਢਿੱਲੋਂ ਨਵੀਂ ਦਿੱਲੀ ਵਿੱਚ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਗੁਰਿੰਦਰ ਸਿੰਘ ਢਿੱਲੋਂ ਹਾਲ ਹੀ ਵਿੱਚ ਪੰਜਾਬ ਪੁਲਿਸ ਤੋਂ ਸਵੈ-ਇੱਛਾ ਨਾਲ ਸੇਵਾਮੁਕਤ ਹੋਏ ਹਨ। ਉਨ੍ਹਾਂ ਆਪਣੀ ਪਤਨੀ ਨਾਲ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ। ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਯਾਦਵ ਨੇ ਕਿਹਾ ਕਿ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਤੇ ਰਾਹੁਲ ਗਾਂਧੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਢਿੱਲੋਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੀਨੀਅਰ ਨੇਤਾ ਕੇਸੀ ਵੇਣੂਗੋਪਾਲ, ਯਾਦਵ ਅਤੇ ਹੋਰ ਕਾਂਗਰਸੀ ਆਗੂਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਰਾਹੁਲ ਗਾਂਧੀ ਤੋਂ ਪ੍ਰਭਾਵਿਤ ਹਨ। ਸਾਬਕਾ ਆਈਪੀਐੱਸ ਅਧਿਕਾਰੀ ਨੇ ਕਿਹਾ ਕਿ ਕਾਂਗਰਸ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਢਿੱਲੋਂ 1997 ਬੈਚ ਦੇ ਆਈਪੀਐੱਸ ਅਧਿਕਾਰੀ ਹਨ। ਉਨ੍ਹਾਂ ਜਲੰਧਰ ਵਿੱਚ ਡਿਪਟੀ ਸੁਪਰਡੈਂਟ ਆਫ ਪੁਲਿਸ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਸੇਵਾ ਕਰਨ ਮਗਰੋਂ ਪਿਛਲੇ ਦਿਨੀਂ ਸਵੈ-ਇੱਛਾ ਨਾਲ ਸੇਵਾ ਮੁਕਤੀ ਲਈ ਸੀ। ਸੇਵਾ ਮੁਕਤੀ ਮੌਕੇ ਉਹ ਪੰਜਾਬ ਪੁਲਿਸ ਵਿੱਚ ਏਡੀਜੀਪੀ (ਕਾਨੂੰਨ ਤੇ ਵਿਵਸਥਾ) ਵਜੋਂ ਤਾਇਨਾਤ ਸਨ। ਢਿੱਲੋਂ ਨੇ ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ, ਜਾਂਚ ਬਿਊਰੋ ਅਤੇ ਹੋਰ ਵਿਭਾਗਾਂ ਵਿੱਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮੂਲਿਆਂਵਾਲ ਦੇ ਵਸਨੀਕ ਢਿੱਲੋਂ ਇਸ ਸਮੇਂ ਪਟਿਆਲਾ ਵਿੱਚ ਰਹਿੰਦੇ ਹਨ। ਇਸ ਮੌਕੇ ਢਿੱਲੋਂ ਨੇ ਕਿਹਾ, ”ਮੈਂ ਪੁਲਿਸ ਅਧਿਕਾਰੀ ਵਜੋਂ ਲਗਪਗ ਦੋ ਦਹਾਕਿਆਂ ਤੱਕ ਆਪਣੇ ਸੂਬੇ ਪੰਜਾਬ ਦੀ ਸੇਵਾ ਕੀਤੀ ਹੈ। ਮੈਂ ਆਪਣੀ ਡਿਊਟੀ ਦੌਰਾਨ ਰਾਹੁਲ ਗਾਂਧੀ ਨੂੰ ਦੋ ਵਾਰ ਮਿਲਿਆ ਹਾਂ। ਪਹਿਲੀ ਵਾਰ ਮੁਲਾਕਾਤ ਭਾਰਤ ਜੋੜੋ ਯਾਤਰਾ ਦੇ ਪੰਜਾਬ ਪੜਾਅ ਦੌਰਾਨ ਹੋਈ ਅਤੇ ਦੂਸਰੀ ਵਾਰ ਉਸ ਸਮੇਂ ਮਿਲੇ ਜਦੋਂ ਉਹ ਸੇਵਾ ਲਈ ਸ੍ਰੀ ਹਰਿਮੰਦਰ ਸਾਹਿਬ ਗਏ ਸਨ।” ਉਨ੍ਹਾਂ ਕਿਹਾ, ”ਮੈਂ ਪੰਜਾਬ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਮੇਰਾ ਨਿੱਘਾ ਸਵਾਗਤ ਕੀਤਾ ਹੈ। ਮੈਂ ਪਾਰਟੀ ਪ੍ਰਤੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ।”

 

RELATED ARTICLES
POPULAR POSTS