15 C
Toronto
Saturday, October 18, 2025
spot_img
Homeਪੰਜਾਬਮੀਤ ਹੇਅਰ ਸਭ ਤੋਂ ਘੱਟ ਤੇ ਪ੍ਰਨੀਤ ਕੌਰ ਸਭ ਤੋਂ ਵੱਧ ਉਮਰ...

ਮੀਤ ਹੇਅਰ ਸਭ ਤੋਂ ਘੱਟ ਤੇ ਪ੍ਰਨੀਤ ਕੌਰ ਸਭ ਤੋਂ ਵੱਧ ਉਮਰ ਦੇ ਉਮੀਦਵਾਰ

ਪੰਜਾਬ ‘ਚ ਚੋਣ ਮੈਦਾਨ ਪੂਰੀ ਤਰ੍ਹਾਂ ਭਖਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਲੱਗੀਆਂ ਹੋਈਆਂ ਹਨ। ਸੱਤਾਧਾਰੀ ਧਿਰ ‘ਆਪ’ ਨੇ ਪੰਜਾਬ ਦੀਆਂ ਸਾਰੀਆਂ 13, ਸ਼੍ਰੋਮਣੀ ਅਕਾਲੀ ਦਲ ਨੇ 13, ਭਾਜਪਾ ਨੇ 9 ਅਤੇ ਕਾਂਗਰਸ ਪਾਰਟੀ ਨੇ 12 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕੁਝ ਧਿਰਾਂ ਦੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਇਸਦੇ ਚੱਲਦਿਆਂ ਪੰਜਾਬ ਵਿਚ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਵੀ ਪੂਰੀ ਤਰ੍ਹਾਂ ਭਖ ਚੁੱਕਿਆ ਹੈ।
ਪੰਜਾਬ ਵਿੱਚ ਸਿਆਸੀ ਪਾਰਟੀਆਂ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਵਿੱਚੋਂ ਸਭ ਤੋਂ ਘੱਟ ਉਮਰ 35 ਸਾਲ ਦੇ ਉਮੀਦਵਾਰ ‘ਆਪ’ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਹਨ ਜਦਕਿ ਸਭ ਤੋਂ ਵੱਧ ਉਮਰ ਦੇ ਉਮੀਦਵਾਰ 79 ਸਾਲਾ ਭਾਜਪਾ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਹਨ।
ਮੀਤ ਹੇਅਰ ਨੇ ਸਾਲ 2017 ਵਿੱਚ ਪਹਿਲੀ ਵਾਰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਚੋਣ ਲੜੀ ਸੀ ਉਸ ਸਮੇਂ ਉਹ ਆਪਣੇ ਵਿਰੋਧੀ ਤੇ ਕਾਂਗਰਸ ਉਮੀਦਵਾਰ ਕੇਵਲ ਸਿੰਘ ਢਿੱਲੋਂ ਤੋਂ 2432 ਵੋਟਾਂ ਨਾਲ ਜੇਤੂ ਰਹੇ ਸਨ। ਉਸ ਤੋਂ ਬਾਅਦ ਮੀਤ ਹੇਅਰ ਨੇ ਸਾਲ 2022 ਵਿੱਚ ਮੁੜ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਚੋਣ ਲੜੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੁਲਵੰਤ ਸਿੰਘ ਤੋਂ 37,622 ਵੋਟਾਂ ਨਾਲ ਜੇਤੂ ਰਹੇ ਹਾਲਾਂਕਿ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੀ ਪ੍ਰਨੀਤ ਕੌਰ ਤੋਂ ਇਕ ਸਾਲ ਛੋਟੇ ਹਨ ਜਿਨ੍ਹਾਂ ਦੀ ਉਮਰ 78 ਸਾਲ ਹੈ।
ਇਸ ਤੋਂ ਇਲਾਵਾ ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ 62 ਸਾਲ ਤੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ 59 ਸਾਲ ਚੋਣ ਮੈਦਾਨ ਵਿੱਚ ਹਨ। ਭਾਜਪਾ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਨੇ ਸਾਲ 1999 ਵਿੱਚ ਕਾਂਗਰਸ ਪਾਰਟੀ ਵੱਲੋਂ ਪਹਿਲੀ ਵਾਰ ਲੋਕ ਸਭਾ ਚੋਣ ਲੜਦਿਆਂ ਜਿੱਤ ਹਾਸਲ ਕੀਤੀ ਸੀ। ਉਸ ਤੋਂ ਬਾਅਦ ਸਾਲ 2004 ਤੇ 2009 ਵਿੱਚ ਵੀ ਲੋਕ ਸਭਾ ਹਲਕਾ ਪਟਿਆਲਾ ਤੋਂ ਜਿੱਤ ਹਾਸਲ ਕੀਤੀ।
ਉਹ ਸਾਲ 2009 ਵਿੱਚ ਕੇਂਦਰੀ ਮੰਤਰੀ ਬਣੇ। ਉਸ ਤੋਂ ਬਾਅਦ ਪ੍ਰਨੀਤ ਕੌਰ ਸਾਲ 2014 ਵਿੱਚ ‘ਆਪ’ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਤੋਂ 20,942 ਵੋਟਾਂ ਦੇ ਫਰਕ ਨਾਲ ਹਾਰ ਗਏ ਸਨ।
ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਨੀਤ ਕੌਰ ਨੇ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ 1,62,718 ਵੋਟਾਂ ਦੇ ਫਰਕ ਨਾਲ ਹਰਾਇਆ ਤੇ ਲੋਕ ਸਭਾ ਚੋਣ ਚੌਥੀ ਵਾਰ ਜਿੱਤੀ। ਪਟਿਆਲਾ ਤੋਂ ਕਾਂਗਰਸ ਦੇ ਡਾ. ਧਰਮਵੀਰ ਗਾਂਧੀ (72), ਸ਼੍ਰੋਮਣੀ ਅਕਾਲੀ ਦਲ ਦੇ ਐੱਨ ਕੇ ਸ਼ਰਮਾ (51) ਅਤੇ ‘ਆਪ’ ਤੋਂ ਡਾ. ਬਲਬੀਰ ਸਿੰਘ (67) ਸਾਲ ਚੋਣ ਮੈਦਾਨ ਵਿੱਚ ਡਟੇ ਹੋਏ ਹਨ।
36 ਸਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੀ ਚੋਣ ਮੈਦਾਨ ਵਿੱਚ ਨਿੱਤਰੇ
‘ਆਪ’ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 36 ਸਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ (62) ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ (62) ਸਾਲਾਂ ਚੋਣ ਮੈਦਾਨ ਵਿੱਚ ਹਨ।

 

RELATED ARTICLES
POPULAR POSTS