Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਨਵਜੰਮੀ ਧੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵਜੰਮੀ ਧੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਸੂਬੇ ਦੀ ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਨਵਜੰਮੀ ਬੇਟੀ ਨਿਆਮਤ ਤੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਉਨ੍ਹਾਂ ਇੱਥੇ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਵੀ ਕੀਤਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।
ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕਰਨ ਆਏ ਹਨ।
ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਤੇ ਰੰਗਲਾ ਪੰਜਾਬ ਲਈ ਕੰਮ ਕਰਦੇ ਰਹਿਣ ਲਈ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਸਾਡੀ ਖ਼ੁਸ਼ਕਿਸਮਤੀ ਹੈ ਕਿ ਪੰਜਾਬ ਵਿੱਚ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕ ਸ਼ਾਂਤੀ ਤੇ ਮਿਲਜੁਲ ਕੇ ਰਹਿੰਦੇ ਹਨ ਤੇ ਗੁਰਪੁਰਬ, ਈਦ ਅਤੇ ਰਾਮ ਨੌਮੀ ਵਰਗੇ ਤਿਉਹਾਰ ਮਿਲ ਕੇ ਮਨਾਏ ਜਾਂਦੇ ਹਨ। ਉਨ੍ਹਾਂ ਗੁਰੂ ਚਰਨਾਂ ਵਿਚ ਇਹੀ ਅਰਦਾਸ ਕੀਤੀ ਹੈ ਕਿ ਪੰਜਾਬੀਆਂ ਵਿੱਚ ਹਮੇਸ਼ਾ ਭਾਈਚਾਰਕ ਸਾਂਝ ਅਤੇ ਏਕਤਾ ਬਣੀ ਰਹੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਰੰਗਲੇ ਪੰਜਾਬ ਦੇ ਕੁਝ ਰੰਗ ਨਜ਼ਰ ਆਉਣ ਲੱਗ ਪਏ ਹਨ ਅਤੇ ਬਾਕੀ ਹੋਰ ਰੰਗਾਂ ਵੀ ਜਲਦੀ ਸਾਹਮਣੇ ਆਉਣਗੇ। ਉਹ ਚਾਹੁੰਦੇ ਹਨ ਕਿ ਪੰਜਾਬ ਦੇ ਨੌਜਵਾਨ ਪੜ੍ਹ-ਲਿਖ ਕੇ ਵਿਦੇਸ਼ ਜਾਣ ਦੀ ਥਾਂ ਪੰਜਾਬ ‘ਚ ਕੰਮ ਤੇ ਨੌਕਰੀਆਂ ਕਰਨ ਅਤੇ ਸ਼ਾਮ ਨੂੰ ਆਪਣੇ ਪਰਿਵਾਰ ਵਿਚ ਆ ਕੇ ਰਹਿਣ। ਸੂਬੇ ਦੇ ਨੌਜਵਾਨ ਵਿਦੇਸ਼ ਘੁੰਮਣ ਵਾਸਤੇ ਜ਼ਰੂਰ ਜਾਣ ਪਰ ਕੰਮ ਆਪਣੇ ਸੂਬੇ ਵਿਚ ਹੀ ਕਰਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਲੋਕ ਸਭਾ ਚੋਣ ਲਈ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਉਹ ਮਗਰੋਂ ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਣ ਲਈ ਵੀ ਗਏ।

Check Also

ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …