ਹਾਈਕੋਰਟ ਨੇ ਕੰਮਕਾਜੀ ਦਿਨਾਂ ’ਚ 12 ਘੰਟੇ ਸੜਕ ਖੋਲ੍ਹਣ ਦਾ ਦਿੱਤਾ ਸੀ ਨਿਰਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਨੂੰ 1 ਮਈ ਤੋਂ ਆਮ ਜਨਤਾ ਲਈ ਖੋਲ੍ਹਣ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ। ਮਾਨਯੋਗ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕਰਕੇ ਮਾਮਲੇ ਦੀ ਸੁਣਵਾਈ ਸਤੰਬਰ ਮਹੀਨੇ ਤੱਕ ਅੱਗੇ ਪਾ ਦਿੱਤੀ ਹੈ। ਬੈਂਚ ਨੇ ਕਿਹਾ ਕਿ ਸੜਕ ਖੋਲ੍ਹਣ ਦੇ ਨਿਰਦੇਸ਼ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾਈ ਗਈ ਹੈ ਪਰ ਹਾਈਕੋਰਟ ਦੀ ਪਟੀਸ਼ਨ ’ਤੇ ਕਾਰਵਾਈ ਜਾਰੀ ਰੱਖੀ ਜਾ ਸਕਦੀ ਹੈ। ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸੂਬਾ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਇਹ ਹੁਕਮ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਦੇ ਬੈਂਚ ਨੇ ਪਿਛਲੇ ਹਫਤੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਨੂੰ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 7 ਵਜੇ ਤੋਂ ਰੋਜ਼ਾਨਾ 12 ਘੰਟੇ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ। ਧਿਆਨ ਰਹੇ ਕਿ ਇਸ ਸੜਕ ਨੂੰ 1980 ਦੇ ਦਹਾਕੇ ਦੌਰਾਨ ਬੰਦ ਕਰ ਦਿੱਤਾ ਗਿਆ ਸੀ।