ਪੰਜਾਬ ਸਰਕਾਰ ਨੇ ਤੁਰੰਤ ਡਿਊਟੀ ਜੁਆਇਨ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਸਿੱਧੂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਰੱਦ ਕਰਦਿਆਂ ਉਨ੍ਹਾਂ ਨੂੰ ਆਪਣੀ ਸਰਕਾਰੀ ਡਿਊਟੀ ਮੁੜ ਤੋਂ ਸ਼ੁਰੂ ਕਰਨ ਲਈ ਨੋਟਿਸ ਦਿੱਤਾ ਹੈ। ਪੰਜਾਬ ਸਰਕਾਰ ਨੇ ਤਰਕ ਦਿੱਤਾ ਕਿ ਨੌਕਰੀ ਛੱਡਣ ਲਈ ਨੋਟਿਸ ਸਮਾਂ ਤਿੰਨ ਮਹੀਨੇ ਦਾ ਹੁੰਦਾ ਹੈ ਪ੍ਰੰਤੂ ਪਰਮਪਾਲ ਕੌਰ ਨੇ ਨੌਕਰੀ ਛੱਡਣ ਲੱਗਿਆਂ 3 ਮਹੀਨੇ ਦਾ ਨੋਟਿਸ ਨਹੀਂ ਦਿੱਤਾ ਸੀ। ਧਿਆਨ ਰਹੇ ਕਿ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੇ ਆਈਏਐਸ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਰਤੀ ਜਨਤਾ ਪਾਰਟੀ ਜੁਆਇਨ ਕਰ ਲਈ ਸੀ ਅਤੇ ਭਾਜਪਾ ਨੇ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਹੈ।