ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਕੀਤਾ ਗਿਆ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਅੱਜ ਮੁੜ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ’ਚ ਕਾਂਗਰਸ ਪਾਰਟੀ ਜੁਆਇਨ ਕੀਤੀ। ਇਸ ਮੌਕੇ ਦੇਵੇਂਦਰ ਯਾਦਵ ਨੇ ਕਿਹਾ ਖੰਗੂੜਾ ਦੇ ਪਾਰਟੀ ’ਚ ਮੁੜ ਤੋਂ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਸਨਮਾਨ ਦਿੱਤਾ ਜਾਵੇਗਾ। ਧਿਆਨ ਰਹੇ ਕਿ ਜੱਸੀ ਖੰਗੂੜਾ ਨੇ ਲੰਘੇ ਦਿਨੀਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮੌਕੇ ਜੱਸੀ ਖੰਗੂੜਾ ਨੇ ਕਿਹਾ ਕਿ ਮੈਂ ਕਿਸੇ ਲਾਲਚ ਕਰਕੇ ਕਾਂਗਰਸ ਪਾਰਟੀ ’ਚ ਨਹੀਂ ਆਇਆ ਬਲਕਿ ਕਾਂਗਰਸ ਪਾਰਟੀ ਨੂੰ ਛੱਡਣਾ ਮੇਰੀ ਬਹੁਤ ਵੱਡੀ ਗਲਤੀ ਸੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮੇਰੀ ਜਿੱਥੇ ਵੀ ਡਿਊਟੀ ਲਗਾਈ ਜਾਵੇਗੀ ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।