ਮੁੱਖ ਮੰਤਰੀ ਮਾਨ ਦੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਹੁਸ਼ਿਆਰਪੁਰ/ਬਿਊਰੋ ਨਿਊਜ : ਪੰਜਾਬ ਦੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਾਕੇਸ਼ ਸੁਮਨ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਆਪਣੀ ਉਮੀਦਵਾਰ ਛੱਡ ਦਿੱਤੀ। ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਰਾਕੇਸ਼ ਸੁਮਨ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਧਿਆਨ ਰਹੇ ਕਿ ਬਹੁਜਨ ਸਮਾਜ ਪਾਰਟੀ ਨੇ ਰਾਕੇਸ਼ ਸੁਮਨ ਨੂੰ ‘ਆਪ’ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲੇ, ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਅਤੇ ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਦੇ ਮੁਕਾਬਲੇ ਚੋਣ ਮੈਦਾਨ ’ਚ ਉਤਾਰਿਆ ਸੀ ਪ੍ਰੰਤੂ ਰਾਕੇਸ਼ ਸੁਮਨ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਹੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।