Breaking News
Home / ਪੰਜਾਬ / ਸ਼ਮਸ਼ੇਰ ਸਿੰਘ ਦੂਲੋ ਨੇ ਕਾਂਗਰਸ ਹਾਈਕਮਾਨ ਨੂੰ ਪੱਤਰ ਲਿਖਿਆ

ਸ਼ਮਸ਼ੇਰ ਸਿੰਘ ਦੂਲੋ ਨੇ ਕਾਂਗਰਸ ਹਾਈਕਮਾਨ ਨੂੰ ਪੱਤਰ ਲਿਖਿਆ

ਪੰਜਾਬ ਦੇ ਕਾਂਗਰਸੀ ਉਮੀਦਵਾਰਾਂ ‘ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਪਰ ਕਾਂਗਰਸ ਦੇ ਸੀਨੀਅਰ ਆਗੂ ਪਾਰਟੀ ਤੋਂ ਖ਼ਫ਼ਾ ਨਜ਼ਰ ਆ ਰਹੇ ਹਨ। ਕਾਂਗਰਸ ਦੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸੀਨੀਅਰ ਆਗੂ ਸੋਨੀਆ ਗਾਂਧੀ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਪੰਜਾਬ ਦੇ ਉਮੀਦਵਾਰਾਂ ‘ਤੇ ਸਵਾਲ ਚੁੱਕੇ ਹਨ। ਇਸ ਪੱਤਰ ਦੀ ਕਾਪੀ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ ਨੂੰ ਵੀ ਭੇਜੀ ਗਈ ਹੈ।
ਦੂਲੋ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਖ-ਵੱਖ ਘੁਟਾਲਿਆਂ, ਮਾਫੀਆ, ਤਸਕਰੀ, ਨਸ਼ਿਆਂ ਤੇ ਸ਼ਰਾਬ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਸਨ ਜਿਸ ਕਾਰਨ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸੇ ਤਰ੍ਹਾਂ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਦਲਬਦਲੂ ਤੇ ਆਪਣੀ ਭਰੋਸੇਯੋਗਤਾ ਗਵਾ ਚੁੱਕੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਉਮੀਦਵਾਰ ਆਪਣੀ ਭਰੋਸੇਯੋਗਤਾ ਗਵਾ ਚੁੱਕੇ ਹਨ। ਇਸ ਤੋਂ ਇਲਾਵਾ 13 ਵਿੱਚੋਂ 5 ਕਾਂਗਰਸੀ ਹਨ, ਬਾਕੀ 7 ਬਾਹਰੀ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਬਾਹਰੀ ਉਮੀਦਵਾਰਾਂ ਨੂੰ ਟਿਕਟਾਂ ਦੇਣ ਲਈ ਪਾਰਟੀ ਦੇ ਕਈ ਸੀਨੀਅਰ ਤੇ ਟਕਸਾਲੀ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਵਿੱਚ ਲੰਬਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਅੱਜ ਹਾਸ਼ੀਏ ‘ਤੇ ਪਹੁੰਚ ਗਈ ਹੈ ਜਿਸ ਨੂੰ ਬਚਾਉਣ ਲਈ ਪੁਰਾਣੇ ਤੇ ਵਫ਼ਾਦਾਰ ਆਗੂਆਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਚੋਣਾਂ 2022 ਦੇ ਚੋਣ ਨਤੀਜਿਆਂ ‘ਤੇ ਮੰਥਨ ਕਰਨਾ ਚਾਹੀਦਾ ਹੈ। ਉਸ ਮੰਥਨ ਦੇ ਆਧਾਰ ‘ਤੇ ਹੀ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਉਮੀਦਵਾਰਾਂ ਬਾਰੇ ਮੁੜ ਤੋਂ ਵਿਚਾਰ ਨਹੀਂ ਕਰਦੀ ਤਾਂ ਲੋਕ ਸਭਾ ਚੋਣਾਂ ਵਿੱਚ ਵੀ ਵਿਧਾਨ ਸਭਾ ਚੋਣਾਂ ਵਾਂਗ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।

Check Also

ਲੋਕ ਸਭਾ ਚੋਣਾਂ ਲਈ ਸੱਤਵੇਂ ਤੇ ਆਖਰੀ ਗੇੜ ਲਈ ਪਈਆਂ 66 ਫੀਸਦੀ ਦੇ ਲਗਭਗ ਹੋਈ ਵੋਟਿੰਗ

ਪੰਜਾਬ ਦੇ 238 ਉਮੀਦਵਾਰਾਂ ਕਿਸਮਤ ਵੋਟਿੰਗ ਮਸ਼ੀਨਾਂ ’ਚ ਹੋਈ ਕੈਦ, ਵੋਟਾਂ ਪਾਉਣ ਦਾ ਕੰਮ ਅਮਨ …