ਵੱਖ-ਵੱਖ ਰਾਜਨੀਤਿਕ ਆਗੂਆਂ ਸਮੇਤ ਸਮੁੱਚੇ ਸਾਹਿਤ ਜਗਤ ਨੇ ਪ੍ਰਗਟਾਇਆ ਦੁੱਖ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਦੇ ਮਸ਼ਹੂਰ ਸ਼ਾਇਰ ਪਦਮਸ੍ਰੀ ਡਾ. ਸੁਰਜੀਤ ਪਾਤਰ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਡਾ. ਸੁਰਜੀਤ ਪਾਤਰ ਚੰਗੇ ਭਲੇ ਰਾਤ ਨੂੰ ਲੁਧਿਆਣਾ ਸਥਿਤ ਆਪਣੇ ਘਰ ਵਿਚ ਸੁੱਤੇ ਸਨ ਪ੍ਰੰਤੂ ਉਹ ਸਵੇਰੇ ਉਠ ਨਹੀਂ ਸਕੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 79 ਸਾਲਾ ਸੁਰਜੀਤ ਪਾਤਰ ਦੀ ਮੌਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਮੌਤ ਦੀ ਖਬਰ ਨੇ ਸਮੁੱਚੇ ਸਾਹਿਤ ਜਗਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਪਾਤਰ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਪੰਜਾਬੀ ਮਾਂ ਬੋਲੀ ਦਾ ਵਿਹੜਾ ਸੁੰਨਾ ਹੋ ਗਿਆ ਹੈ ਅਤੇ ਉਨ੍ਹਾਂ ਦੇ ਅਚਾਨਕ ਇਸ ਤਰ੍ਹਾਂ ਚਲੇ ਜਾਣ ਦਾ ਮੈਨੂੰ ਬਹੁਤ ਦੁੱਖ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਮਾਂ ਬੋਲੀ ਪੰਜਾਬ ਦੇ ਲਾਡਲੇ ਪੁੱਤਰ, ਮਹਾਨ ਕਵੀ ਅਤੇ ਇਸ ਸਦੀ ’ਚ ਸਾਹਿਤ ਦੇ ਯੁੱਗ ਪੁਰਸ਼ ਸੁਰਜੀਤ ਪਾਤਰ ਜੀ ਦੇ ਅਕਾਲ ਚਲਾਣੇ ਨਾਲ ਸਾਹਿਤ ਦੀ ਦੁਨੀਆ ’ਚ ਅਜਿਹਾ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਬਹੁਤ ਮੁਸ਼ਕਿਲ ਹੋਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਆਗੂਆਂ ਸਮੇਤ ਸਮੁੱਚੇ ਸਾਹਿਤ ਜਗਤ ਵੱਲੋਂ ਡਾ. ਸੁਰਜੀਤ ਪਾਤਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।