ਰਾਣਾ ਕੇਪੀ ਨੇ ਕਾਂਗਰਸ ਦੀ ਇੱਕਜੁੱਟਤਾ ਦਾ ਕੀਤਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਵਲੋਂ ਗਠਿਤ ਕੀਤੀ ਗਈ ਚੋਣ ਕੰਪੇਨ ਕਮੇਟੀ ਵੀ ਐਕਟਿਵ ਹੋ ਗਈ ਹੈ। ਇਸ ਕਮੇਟੀ ਦੀ ਅੱਜ ਵੀਰਵਾਰ ਨੂੰ ਚੰਡੀਗੜ੍ਹ ਵਿਚ ਇਕ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਕੰਪੇਨ ਕਮੇਟੀ ਦੇ ਚੇਅਰਮੈਨ ਰਾਣਾ ਕੇ.ਪੀ. ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਵਿਚ ਸਮੁੱਚੀ ਕਾਂਗਰਸ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਲੋਕ ਸਭਾ ਲਈ ਪੈਣ ਵਾਲੀਆਂ ਵੋਟਾਂ ਲਈ ਸਿਰਫ 15 ਦਿਨ ਬਾਕੀ ਰਹਿ ਗਏ ਹਨ ਅਤੇ ਅਸੀਂ ਸੂਬੇ ਦੇ ਹਰ ਵੋਟਰ ਤੱਕ ਪਹੁੰਚ ਕਰਾਂਗੇ। ਰਾਣਾ ਕੇਪੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਜਨਤਾ ਲਈ ਕੁਝ ਨਹੀਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਹਮੇਸ਼ਾ ਕਿਸਾਨਾਂ ਨਾਲ ਖੜ੍ਹੀ ਰਹੀ ਹੈ। ਕੇਪੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਵਿਚ ਕਿਸਾਨਾਂ ਲਈ ਕਈ ਵਾਅਦੇ ਕੀਤੇ ਗਏ ਹਨ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਪੰਜਾਬ ਸਰਕਾਰ ’ਤੇ ਸਵਾਲ ਉਠਾਏ।