Breaking News
Home / ਪੰਜਾਬ / ਕੇਂਦਰ ਸਰਕਾਰ ਨੇ ਦਸ ਸਾਲਾਂ ‘ਚ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ : ਜਾਖੜ

ਕੇਂਦਰ ਸਰਕਾਰ ਨੇ ਦਸ ਸਾਲਾਂ ‘ਚ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ : ਜਾਖੜ

ਭਾਜਪਾ ਉਮੀਦਵਾਰਾਂ ਦੇ ਵਿਰੋਧ ਨੂੰ ਦੱਸਿਆ ਸਾਜਿਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ‘ਤੇ ਤਿੱਖਾ ਹਮਲਾ ਕੀਤਾ। ਜਾਖੜ ਨੇ ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੇਂਦਰ ਸਰਕਾਰ ਸਾਲ 2014 ਤੋਂ ਲਗਾਤਾਰ ਕਣਕ ਤੇ ਝੋਨੇ ਦੀ ਫ਼ਸਲ ‘ਤੇ ਐੱਮਐੱਸਪੀ ਦੇ ਰਹੀ ਹੈ। ਇੰਨਾ ਹੀ ਨਹੀਂ 10 ਸਾਲਾਂ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਹੈ।
ਇਸ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਵੱਲੋਂ ਸਵਾਲ ਪੁੱਛਣ ਦੇ ਨਾਮ ‘ਤੇ ਸਿਰਫ਼ ਭਾਜਪਾ ਉਮੀਦਵਾਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਹ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਭਾਜਪਾ ਲੋਕ ਹਿੱਤ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਵਿੱਚ ਨਾ ਲਿਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 23 ਲੱਖ ਵਿੱਚੋਂ 15 ਲੱਖ ਕਿਸਾਨਾਂ ਨੂੰ ਕਿਸਾਨ ਸਨਮਾਨ ਨਿਧੀ ਯੋਜਨਾ ਵਿੱਚੋਂ ਬਾਹਰ ਕਰ ਦਿੱਤਾ, ਜਿਸ ਕਰਕੇ 15 ਲੱਖ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਨਹੀਂ ਮਿਲ ਰਹੇ। ਇਸ ਨਾਲ ਕਿਸਾਨਾਂ ਦਾ 900 ਕਰੋੜ ਰੁਪਏ ਦਾ ਨੁਕਸਾਨ ਹੋ ਗਿਆ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਹੜ੍ਹ ਪੀੜਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਪਰ ਪੰਜਾਬ ਵਿੱਚ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਗਿਆ ਹੈ। ਇਹ ਵੀ ਕੇਂਦਰ ਸਰਕਾਰ ਵੱਲੋਂ ਡਿਜ਼ਾਸਟਰ ਮੈਨੇਜਮੇਂਟ ਫੰਡ ਅਧੀਨ ਭੇਜੇ 180 ਕਰੋੜ ਵਿੱਚੋਂ ਅਦਾ ਕੀਤੇ ਗਏ ਹਨ, ਬਾਕੀ 13,200 ਰੁਪਏ ਪ੍ਰਤੀ ਏਕੜ ਦੇ ਨਹੀਂ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੇ ਰਾਜਸਥਾਨ ‘ਚ ਭਾਜਪਾ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਕਣਕ ‘ਤੇ ਐੱਮਐੱਸਪੀ ਤੋਂ ਇਲਾਵਾ 125 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕੁਝ ਨਹੀਂ ਦਿੱਤਾ ਜਾ ਰਿਹਾ। ਇਸ ਦੇ ਬਾਵਜੂਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਜਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਦੀ ਥਾਂ ‘ਤੇ ਭਾਜਪਾ ਉਮੀਦਵਾਰਾਂ ਨੂੰ ਸਵਾਲ ਪੁੱਛ ਰਹੇ ਹਨ ਅਤੇ ਘੇਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ਆਪਸ ਵਿੱਚ ਮਿਲੇ ਹੋਏ ਹਨ। ਸ੍ਰੀ ਜਾਖੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਭਾਜਪਾ ਦਾ ਵਿਰੋਧ ਕਰਨ ਦੀ ਥਾਂ ‘ਤੇ ਕਿਸੇ ਇਕ ਪਾਰਟੀ ਦਾ ਪੱਲਾ ਜ਼ਰੂਰ ਫੜਨ।
ਕਿਸਾਨ ਜਥੇਬੰਦੀਆਂ ਨੂੰ ਕਿਸਾਨਾਂ ਦਾ ਅਕਸ ਖਰਾਬ ਨਾ ਕਰਨ ਦੀ ਅਪੀਲ
ਸੁਨੀਲ ਜਾਖੜ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਅਕਸ ਨੂੰ ਖਰਾਬ ਨਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ‘ਤੇ ਕਿਸਾਨ 23 ਫ਼ਸਲਾਂ ‘ਤੇ ਐੱਮਐੱਸਪੀ ਦੀ ਮੰਗ ਕਰ ਰਹੇ ਹਨ, ਪਰ ਪੰਜਾਬ ਵਿੱਚ ਕਣਕ ਤੇ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ ਤਾਂ 23 ਫ਼ਸਲਾਂ ‘ਤੇ ਐੱਮਐੱਸਪੀ ਦੀ ਮੰਗ ਕਰਨਾ ਗਲਤ ਹੈ।

 

 

Check Also

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹੁਣ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ

ਦਿੱਲੀ ’ਚ ਐਮਓਯੂ ਕੀਤਾ ਗਿਆ ਸਾਈਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਰਹੇ ਮੌਜੂਦ …