ਪਿਛਲੇ ਸਾਲ ਨਾਲੋਂ 5 ਦਿਨ ਅਗੇਤੀ
ਚੰਡੀਗੜ੍ਹ : ਪੰਜਾਬ ਵਿੱਚ ਐਤਕੀਂ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋਵੇਗੀ ਜੋ ਕਿ ਪਿਛਲੇ ਵਰ੍ਹੇ ਨਾਲੋਂ ਪੰਜ ਦਿਨ ਅਗੇਤੀ ਹੈ। ਇਸ ਵਾਰ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲੁਆਈ ਕੀਤੀ ਜਾਣੀ ਹੈ ਅਤੇ ਲੰਘੇ ਵਰ੍ਹੇ ਤਿੰਨ ਜ਼ੋਨ ਬਣਾਏ ਗਏ ਸਨ। ਪਿਛਲੇ ਸਾਲ ਝੋਨੇ ਦੀ ਲੁਆਈ ਮਾਲਵੇ ਵਿੱਚ 16 ਜੂਨ ਤੋਂ ਸ਼ੁਰੂ ਹੋਈ ਸੀ। ਝੋਨੇ ਦੀ ਸਿੱਧੀ ਬਿਜਾਈ 15 ਤੋਂ 31 ਮਈ ਤੱਕ ਹੋਵੇਗੀ ਜਿਸ ਦੌਰਾਨ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਤਹਿਤ ਮਾਲਵਾ ਖ਼ਿੱਤੇ ਦੇ ਜ਼ਿਲ੍ਹਾ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ ਤੇ ਫਿਰੋਜ਼ਪੁਰ ਤੋਂ ਇਲਾਵਾ ਕੌਮਾਂਤਰੀ ਸਰਹੱਦਾਂ ਦੀ ਕੰਡਿਆਲੀ ਤਾਰ ਤੋਂ ਪਾਰ ਲਈ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋਵੇਗੀ। ਪਿਛਲੇ ਵਰ੍ਹੇ ਮਾਲਵੇ ਦੇ ਸੱਤ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ 16 ਜੂਨ ਤੋਂ ਸ਼ੁਰੂ ਹੋਈ ਸੀ। ਉਪਰੋਕਤ ਜ਼ਿਲ੍ਹਿਆਂ ਤੋਂ ਇਲਾਵਾ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਲਈ 15 ਜੂਨ ਤੈਅ ਕੀਤੀ ਗਈ ਹੈ ਜਦਕਿ ਲੰਘੇ ਵਰ੍ਹੇ 9 ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਆਖ਼ਰੀ ਗੇੜ ਵਿੱਚ 21 ਜੂਨ ਨੂੰ ਸ਼ੁਰੂ ਹੋਈ ਸੀ। ਸਾਲ 2022 ਵਿਚ ਝੋਨੇ ਦੀ ਲੁਆਈ ਮਾਲਵਾ ਖ਼ਿੱਤੇ ਵਿਚ 17 ਜੂਨ ਜਦਕਿ ਸਾਲ 2021 ਵਿਚ 13 ਜੂਨ ਤੋਂ ਸ਼ੁਰੂ ਹੋਈ ਸੀ। ਪੰਜਾਬ ਸਰਕਾਰ ਵੱਲੋਂ ਝੋਨੇ ਲਈ ਨਹਿਰੀ ਪਾਣੀ ਦੀ ਵਰਤੋਂ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਜਲ ਸਰੋਤ ਮਹਿਕਮੇ ਨੇ ਵੀ ਇਨ੍ਹਾਂ ਦਿਨਾਂ ਵਿਚ ਨਹਿਰਾਂ ਤੇ ਰਜਵਾਹਿਆਂ ਨੇੜਲੇ ਖੇਤਰਾਂ ਵਿਚ ਪਾਣੀ ਵੱਧ ਮਾਤਰਾ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਝੋਨੇ ਦੀ ਘੱਟ ਪਾਣੀ ਲੈਣ ਵਾਲੀ ਕਿਸਮ ਪੀਆਰ 126 ਨੂੰ ਉਤਸ਼ਾਹਿਤ ਕਰਨਾ ਸ਼ੁਰੂ ਕੀਤਾ ਹੈ ਅਤੇ ਪਿਛਲੇ ਸਾਲ ਇਸ ਕਿਸਮ ਦੀ ਲੁਆਈ ਵਧਣ ਨਾਲ ਬਿਜਲੀ ਦੇ ਕਰੀਬ 477 ਕਰੋੜ ਰੁਪਏ ਬਚੇ ਸਨ। ਜਾਣਕਾਰੀ ਅਨੁਸਾਰ ਇਸ ਸਾਲ ਜੂਨ ਮਹੀਨੇ ਦੇ ਅਖੀਰਲੇ ਹਫ਼ਤੇ ਮੌਨਸੂਨ ਆਉਣ ਦਾ ਅਨੁਮਾਨ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …