ਚੰਡੀਗੜ੍ਹ : ਜੇਠ ਮਹੀਨਾ ਚੜ੍ਹਦੇ ਸਾਰ ਹੀ ਪੰਜਾਬ ‘ਚ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਟੱਪ ਚੁੱਕਾ ਹੈ ਅਤੇ ਕਈ ਹੋਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ। ਗਰਮੀ ਵਧਣ ਦੇ ਨਾਲ ਹੀ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਮੌਸਮ ਵਿਭਾਗ ਨੇ ਵੀ 16 ਤੋਂ 19 ਮਈ ਤੱਕ ਅਤਿ ਦੀ ਗਰਮੀ ਪੈਣ ਸਬੰਧੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ 18 ਤੇ 19 ਮਈ ਲਈ ਓਰੈਂਜ ਅਲਰਟ ਵੀ ਜਾਰੀ ਕੀਤਾ ਹੈ। ਇਸ ਦੌਰਾਨ ਸੂਬੇ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਸਕਦਾ ਹੈ। ਅਤਿ ਦੀ ਪੈ ਰਹੀ ਗਰਮੀ ਸਬਜ਼ੀ ਕਾਸ਼ਤਕਾਰਾਂ ਲਈ ਘਾਤਕ ਸਾਬਿਤ ਹੋ ਰਹੀ ਹੈ। ਤਾਪਮਾਨ ਲਗਾਤਾਰ ਵਧਣ ਕਰਕੇ ਖੇਤਾਂ ਵਿੱਚ ਉਗਾਈਆਂ ਗਈਆਂ ਸਬਜ਼ੀਆਂ ਸੁੱਕਣ ਕੰਢੇ ਪਹੁੰਚ ਰਹੀਆਂ ਹਨ। ਸਬਜ਼ੀ ਕਾਸ਼ਤਕਾਰਾਂ ਨੂੰ ਲੋੜ ਨਾਲੋਂ ਵੱਧ ਪਾਣੀ ਦੀ ਵਰਤੋਂ ਕਰਨੀ ਪੈ ਰਹੀ ਹੈ। ਦੂਜੇ ਪਾਸੇ ਬਿਜਲੀ ਦੀ ਮੰਗ ਵਧਣੀ ਸ਼ੁਰੂ ਹੋ ਗਈ ਹੈ।