ਕਿਸਾਨ ਹੁਣ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਲਾਉਣਗੇ ਧਰਨੇ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਜਥੇਬੰਦੀਆਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਹ ਹੁਣ ਆਪਣੇ ਧਰਨੇ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਦੇਣਗੇ। ਧਿਆਨ ਰਹੇ ਕਿ ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਅਜੇ ਤੱਕ ਇਸੇ ਤਰ੍ਹਾਂ ਹੀ ਚੱਲਦਾ ਰਹੇਗਾ। ਉਧਰ ਦੂਜੇ ਪਾਸੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਅੱਜ ਫਿਰ ਮੋਗਾ ਵਿਚ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ ਹੈ। ਹੰਸ ਰਾਜ ਹੰਸ ਦਾ ਇਹ ਵਿਰੋਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਕੀਤਾ ਗਿਆ ਹੈ। ਜਿਸ ਦੌਰਾਨ ਕਿਸਾਨਾਂ ਨੇ ਭਾਜਪਾ ਉਮੀਦਵਾਰ ਨੂੰ ਕਾਲੇ ਝੰਡੇ ਦਿਖਾਏ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਆਗੂਆਂ ਦਾ ਕਹਿਣਾ ਸੀ ਕਿ ਅਸੀਂ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਕਰ ਰਹੇ ਹਾਂ ਅਤੇ ਹੰਸ ਰਾਜ ਹੰਸ ਭਾਜਪਾ ਦੇ ਉਮੀਦਵਾਰ ਹਨ। ਕਿਸਾਨਾਂ ਨੇ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ ਵਿਚ ਵੋਟ ਮੰਗਣ ਲਈ ਨਹੀਂ ਆਉਣ ਦਿਆਂਗੇ ਅਤੇ ਉਨ੍ਹਾਂ ਦਾ ਵਿਰੋਧ ਕਰਦੇ ਰਹਾਂਗੇ। ਜ਼ਿਕਰਯੋਗ ਹੈ ਕਿ ਭਾਜਪਾ ਪੰਜਾਬ ਵਿਚ ਆਪਣੇ ਦਮ ’ਤੇ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜ ਰਹੀ ਹੈ ਅਤੇ ਸੂਬੇ ਵਿਚ ਸਾਰੇ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।