ਸੁਰੱਖਿਆ ਦੇ ਕੀਤੇ ਗਏ ਸਖਤ ਇੰਤਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ 1 ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ ਕਰ ਰਹੀਆਂ ਹਨ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 23 ਮਈ ਦਿਨ ਵੀਰਵਾਰ ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਨੇ ਪਰਨੀਤ ਕੌਰ ਨੂੰ ਲੋਕ ਸਭਾ ਲਈ ਉਮੀਦਵਾਰ ਬਣਾਇਆ ਹੋਇਆ ਹੈ। ਪ੍ਰਧਾਨ ਮੰਤਰੀ ਦੀ ਚੋਣ ਰੈਲੀ ਨੂੰ ਲੈ ਕੇ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਗਏ ਹਨ ਅਤੇ ਗੁਜਰਾਤ ਪੁਲਿਸ ਦੀਆਂ ਟੀਮਾਂ ਵੀ ਪਟਿਆਲਾ ਪਹੁੰਚ ਚੁੱਕੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਦੀ ਪਟਿਆਲਾ ਰੈਲੀ ਤੋਂ ਬਾਅਦ 24 ਮਈ ਨੂੰ ਜਲੰਧਰ ਅਤੇ ਗੁਰਦਾਸਪੁਰ ਵਿਚ ਵੀ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ ਅਤੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਭਾਜਪਾ ਲੀਡਰਸ਼ਿਪ ਵਲੋਂ ਪੀਐਮ ਮੋਦੀ ਦੀ ਫਿਰੋਜ਼ਪੁਰ ’ਚ ਇਕ ਚੋਣ ਰੈਲੀ ਰੱਖੀ ਗਈ ਸੀ, ਪਰ ਪ੍ਰਧਾਨ ਮੰਤਰੀ ਕੁਝ ਕਾਰਨਾਂ ਕਰਕੇ ਰਸਤੇ ਵਿਚੋਂ ਹੀ ਵਾਪਸ ਮੁੜ ਗਏ ਸਨ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਖਿੱਚੋਤਾਣ ਵੀ ਹੁੰਦੀ ਰਹੀ ਸੀ।