ਹਜ਼ਾਰਾਂ ਕਿਸਾਨ ਪਹੁੰਚਣਗੇ ਪਟਿਆਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 23 ਮਈ ਨੂੰ ਪਟਿਆਲਾ ’ਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਉਧਰ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਭਲਕੇ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਨਗੇ। ਉਗਰਾਹਾਂ ਨੇ ਕਿਹਾ ਕਿ 10 ਸਾਲਾਂ ਦੇ ਕਾਰਜਕਾਲ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਲਈ ਕੁੱਝ ਨਹੀਂ ਕੀਤਾ ਅਤੇ ਸਿਰਫ ਕਾਰਪੋਰੇਟ ਘਰਾਣਿਆ ਦੇ ਲਈ ਕੰਮ ਕੀਤਾ ਗਿਆ ਹੈ। ਉਗਰਾਹਾਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਜਾਇਦਾਦ ਸੌ ਗੁਣਾ ਵਧੀ ਹੈ, ਜਦੋਂ ਕਿ ਕਿਸਾਨ ਗਰੀਬ ਹੋ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ 3 ਕਾਲੇ ਕਾਨੂੰਨ ਵਾਪਸ ਲੈਣ ਸਮੇਂ ਪ੍ਰਧਾਨ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਹਰ ਇਕ ਫਸਲ ’ਤੇ ਐਮ.ਐਸ.ਪੀ. ਦੀ ਗਾਰੰਟੀ ਦਿੱਤੀ ਜਾਵੇਗੀ, ਪਰ ਉਹ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। ਉਗਰਾਹਾਂ ਨੇ ਕਿਹਾ ਕਿ ਇਨ੍ਹਾਂ ਗੱਲਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦਾ ਪਟਿਆਲਾ ਵਿਖੇ ਵਿਰੋਧ ਕੀਤਾ ਜਾਵੇਗਾ।