Breaking News
Home / ਹਫ਼ਤਾਵਾਰੀ ਫੇਰੀ / ਸ੍ਰੀ ਹੇਮਕੁੰਟ ਸਾਹਿਬ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਹੋਇਆ ਰਵਾਨਾ

ਸ੍ਰੀ ਹੇਮਕੁੰਟ ਸਾਹਿਬ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਹੋਇਆ ਰਵਾਨਾ

ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਵਾਸਤੇ 25 ਮਈ ਨੂੰ ਖੋਲ੍ਹੇ ਜਾਣਗੇ
ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਿਸ਼ੀਕੇਸ਼ ਸਥਿਤ ਗੁਰਦੁਆਰੇ ਤੋਂ ਰਵਾਨਾ ਹੋਇਆ। ਇਸ ਜਥੇ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਰਵਾਨਾ ਕੀਤਾ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ 25 ਮਈ ਨੂੰ ਖੋਲ੍ਹੇ ਜਾਣਗੇ, ਜਿਸ ਲਈ ਇਹ ਪਹਿਲਾ ਜਥਾ ਰਵਾਨਾ ਹੋਇਆ। ਇਸ ਮੌਕੇ ਰਾਜਪਾਲ ਗੁਰਮੀਤ ਸਿੰਘ ਅਤੇ ਸੰਤ ਸਮਾਜ ਦੇ ਆਗੂਆਂ ਵੱਲੋਂ ਸ਼ਰਧਾਲੂਆਂ ਦੇ ਜਥੇ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ। ਜੈਕਾਰਿਆਂ ਅਤੇ ਬੈਂਡ-ਵਾਜਿਆਂ ਦੀਆਂ ਧੁਨਾਂ ਨਾਲ ਜਥਾ ਰਵਾਨਾ ਹੋਇਆ।
ਇਸ ਤੋਂ ਪਹਿਲਾਂ ਰਾਜਪਾਲ ਅਤੇ ਸੰਤ ਸਮਾਜ ਦੀਆਂ ਸ਼ਖ਼ਸੀਅਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਰਾਜਪਾਲ ਨੇ ਸਿੱਖ ਧਰਮ ਅਤੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਬਾਰੇ ਜਾਣਕਾਰੀ ਦਿੱਤੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ 25 ਮਈ ਨੂੰ ਖੋਲ੍ਹੇ ਜਾਣਗੇ ਅਤੇ ਉਸ ਦਿਨ ਸਿੱਖ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ। ਇਸ ਮੌਕੇ ਸੰਤ ਸਮਾਜ ਤੋਂ ਮਾਤਾ ਮੰਗਲਾ, ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਪਰਮਾਰਥ ਨਿਕੇਤਨ ਤੋਂ ਚੀਦਾਨੰਦ ਮਹਾਰਾਜ, ਉੱਤਰਾਖੰਡ ਸੰਸਕ੍ਰਿਤ ਵਿਸ਼ਵ ਵਿਦਿਆਲੇ ਦੇ ਕੁਲਪਤੀ ਦਿਨੇਸ਼ ਚੰਦਰ ਸ਼ਾਸਤਰੀ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ।

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …