Breaking News
Home / ਪੰਜਾਬ / ਚੰਡੀਗੜ੍ਹ ਨੂੰ ਸੂਬੇ ਵਾਂਗ ਹੱਕ ਦੇਣ ਬਾਰੇ ਤਿਵਾੜੀ ਦੇ ਬਿਆਨ ‘ਤੇ ਸਿਆਸਤ ਭਖੀ

ਚੰਡੀਗੜ੍ਹ ਨੂੰ ਸੂਬੇ ਵਾਂਗ ਹੱਕ ਦੇਣ ਬਾਰੇ ਤਿਵਾੜੀ ਦੇ ਬਿਆਨ ‘ਤੇ ਸਿਆਸਤ ਭਖੀ

ਤਿਵਾੜੀ ਦੇ ਐਲਾਨ ਦਾ ਅਕਾਲੀ ਦਲ ਅਤੇ ਭਾਜਪਾ ਨੇ ਕੀਤਾ ਵਿਰੋਧ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦ ਚਲਦਾ ਆ ਰਿਹਾ ਹੈ। ਇਸੇ ਦੌਰਾਨ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਚੰਡੀਗੜ੍ਹ ਨੂੰ ਸੂਬੇ ਵਾਂਗ ਹੱਕ ਦੇਣ ਸਬੰਧੀ ਕੀਤੇ ਵਾਅਦੇ ‘ਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਤਿਵਾੜੀ ਦੇ ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਇਸ ਦਾ ਵਿਰੋਧ ਕੀਤਾ ਹੈ। ਗੌਰਤਲਬ ਹੈ ਕਿ ਲੰਘੇ ਦਿਨ ਤਿਵਾੜੀ ਨੇ ਚੰਡੀਗੜ੍ਹ ਦਾ ਚੋਣ ਮੈਨੀਫੈਸਟੋ ਜਾਰੀ ਕਰਦਿਆਂ ਕਿਹਾ ਸੀ ਕਿ ਚੰਡੀਗੜ੍ਹ ਸ਼ਹਿਰ ਨੂੰ ਸੂਬੇ ਵਾਂਗ ਹੱਕ ਦੇਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਤੇ ‘ਆਪ’ ਦੇ ਸਾਂਝੇ ਉਮੀਦਵਾਰ ਵੱਲੋਂ ਚੰਡੀਗੜ੍ਹ ਨੂੰ ਰਾਜ ਦੇ ਹੱਕ ਦਿਵਾਉਣ ਦੇ ਐਲਾਨ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਿਵਾੜੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲਈ ਸੂਬੇ ਦੇ ਅਧਿਕਾਰ ਮੰਗ ਕੇ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਸਬੰਧੀ ਹੱਥ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਸਤੇ ਵਚਨਬੱਧ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਜੇਕਰ ਸੰਘਰਸ਼ ਦੀ ਲੋੜ ਪਈ ਤਾਂ ਉਹ ਵੀ ਵਿੱਢਿਆ ਜਾਵੇਗਾ। ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ‘ਚੰਡੀਗੜ੍ਹ ਪੰਜਾਬ ਦਾ ਸੀ, ਪੰਜਾਬ ਦਾ ਹੈ ਤੇ ਸਦਾ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨੂੰ ‘ਸਿਟੀ-ਸਟੇਟ’ ਬਣਾਉਣ ਦਾ ਐਲਾਨ ਕਰਕੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੇ ਪਾਰਟੀ ਏਜੰਡੇ ਨੂੰ ਜ਼ਾਹਿਰ ਕੀਤਾ ਹੈ। ਜਾਖੜ ਨੇ ਇਸ ਮੁੱਦੇ ‘ਤੇ ਪੰਜਾਬ ਕਾਂਗਰਸ ਨੂੰ ਆਪਣਾ ਸਟੈਂਡ ਸਪਸ਼ਟ ਕਰਨ ਦੀ ਅਪੀਲ ਕੀਤੀ।

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …