ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਨੂੰ ‘ਐਲਾਨਨਾਮੇ’ ਦਾ ਨਾਂ ਦਿੱਤਾ
ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਪਾਰਟੀ ਨੂੰ ਮੁੜ ਰਵਾਇਤੀ, ਪੰਥਕ ਤੇ ਖੇਤਰੀ ਬਣਾਉਣ ‘ਤੇ ਜ਼ੋਰ ਦਿੱਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਜਲੰਧਰ ‘ਚ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਵਿੱਚ ਪਾਰਟੀ ਦੇ ਸੰਘਰਸ਼ ਦੇ ਅਮੀਰ ਵਿਰਸੇ ਅਤੇ ਯੋਧਿਆਂ ਤੇ ਜਰਨੈਲਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ ਗਿਆ। ਜਾਣਕਾਰੀ ਅਨੁਸਾਰ ਚੋਣ ਮਨੋਰਥ ਪੱਤਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ‘ਐਲਾਨਨਾਮੇ’ ਦਾ ਨਾਂ ਦਿੱਤਾ ਹੈ।
ਇਸ ਵਿੱਚ ਸੱਤਾ ਅਤੇ ਕੈਬਨਿਟ ਦੇ ਅਹੁਦਿਆਂ ਦੀ ਪੇਸ਼ਕਸ਼ ਠੁਕਰਾ ਕੇ ਦਿੱਤੀਆਂ ਕੁਰਬਾਨੀਆਂ ਅਤੇ ਆਪਣੇ ਪੰਥਕ ਸਿਧਾਂਤਾਂ ‘ਤੇ ਡਟੇ ਰਹਿਣ ਦਾ ਹਵਾਲਾ ਦਿੱਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਨੂੰ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਧੱਕਣ ਤੇ ਹੁੱਲੜਬਾਜ਼ ਸਿਆਸਤ ਨਾਲ ਸਰਕਾਰੀ ਜਬਰ ਕਰਨ ਤੋਂ ਸੁਚੇਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਤੇ ਪੰਜਾਬ ਪੱਖੀ ਮਜ਼ਬੂਤੀ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਸੁਖਬੀਰ ਸਿੰਘ ਬਾਦਲ ਨੇ ਐਲਾਨਨਾਮਾ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪੁਲਿਸ ਜਬਰ ਦਾ ਦੌਰ ਪਰਤ ਰਿਹਾ ਹੈ। ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਲਾਂਬੂ ਲਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਬਚਾਉਣ ਦੀ ਵੱਡੀ ਜ਼ਰੂਰਤ ਹੈ।
ਲੋਕਾਂ ਦੇ ਫਤਵੇ ਨਾਲ ਇਹ ਪੰਜਾਬ ਦੀ ਸਹਿਮਤੀ ਤੋਂ ਬਗੈਰ ਦਰਿਆਈ ਪਾਣੀਆਂ ਬਾਰੇ ਕੀਤੇ ਸਾਰੇ ਸਮਝੌਤਿਆਂ ਤੇ ਫੈਸਲਿਆਂ ਨੂੰ ਰੱਦ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਗੈਰ ਰੀਪੇਰੀਅਨ ਰਾਜਾਂ ਤੋਂ ਆਪਣੇ ਦਰਿਆਈ ਪਾਣੀਆਂ ਦੀ ਰਾਇਲਟੀ ਵੀ ਮੰਗੇਗੀ। ਚੋਣ ਮਨੋਰਥ ਪੱਤਰ ਵਿਚ ਕਿਹਾ ਗਿਆ ਕਿ ਅਕਾਲੀ ਦਲ ਹਰ ਵਰਗ ਲਈ ਡਟੇਗਾ ਤੇ ਹਰ ਹਾਲ ਵਿਚ ਇਕਸਾਰ ਸਾਂਝਾ ਸਿਵਲ ਕੋਡ ਲਾਉਣ ਦਾ ਵਿਰੋਧ ਕਰੇਗਾ। ਇਸ ਦੌਰਾਨ ਪੰਜਾਬ ਲਈ ਵਿਸ਼ੇਸ਼ ਐੱਸਸੀ ਰੁਤਬੇ ਦੀ ਮੰਗ ਕੀਤੀ ਗਈ।
ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਵਾਸਤੇ ਇਕ ਵਾਰ ਪੂਰਨ ਕਰਜ਼ਾ ਮੁਆਫ਼ੀ ਦੀ ਵਕਾਲਤ ਕਰੇਗਾ। ਇਸਦੇ ਨਾਲ ਪਾਰਟੀ ਨੇ ਛੋਟੇ ਕਿਸਾਨਾਂ ਨੂੰ ਡੀਜ਼ਲ ‘ਤੇ 20 ਫੀਸਦੀ ਸਬਸਿਡੀ ਦੇਣ ਦਾ ਵਾਅਦਾ ਕੀਤਾ। ਐਲਾਨਨਾਮੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪਾਰਟੀ ਲੋਕਾਂ ਦੇ ਫਤਵੇ ਦੀ ਵਰਤੋਂ ਕਰਦਿਆਂ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਤੋਂ ਭਾਰਤ ਵਾਲੇ ਪਾਸੇ ਪੂਰਬੀ ਪੰਜਾਬ ‘ਚ ਸ਼ਾਮਲ ਕਰਨ ਵਾਸਤੇ ਦੋਵਾਂ ਦੇਸ਼ਾਂ ਵਿਚ ਆਪਸੀ ਸਮਝੌਤੇ ਦੇ ਆਧਾਰ ‘ਤੇ ਕੰਮ ਕਰੇਗੀ ਜਿਵੇਂ ਕਿ ਪਹਿਲਾਂ ਹੁਸੈਨੀਵਾਲਾ ਬਾਰਡਰ ਅਤੇ ਬੰਗਲਾਦੇਸ਼ ਦੇ ਮਾਮਲੇ ਵਿੱਚ ਕੀਤਾ ਗਿਆ।
ਪਾਰਟੀ ਨੇ ਵਾਅਦਾ ਕੀਤਾ ਕਿ ਉਹ ਭਾਰਤ ਸਰਕਾਰ ਰਾਹੀਂ ਕੰਮ ਕਰਦਿਆਂ ਇਹ ਯਕੀਨੀ ਬਣਾਵੇਗੀ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਪਾਸਪੋਰਟ ਦੀ ਸ਼ਰਤ ਖਤਮ ਕੀਤੀ ਜਾਵੇ ਤੇ ਇਸ ਦੀ ਥਾਂ ਇਕ ਸਾਧਾਰਣ ਪਰਮਿਟ ਸਿਸਟਮ ਲਾਗੂ ਕੀਤਾ ਜਾਵੇ।
ਪੰਜਾਬੀ ਬੋਲਦੇ ਇਲਾਕਿਆਂ ਲਈ ਸੰਘਰਸ਼ ਕਰਨ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਜਿਹੜੀਆਂ ਮੰਗਾਂ ਨੂੰ ਬਿਲਕੁਲ ਹੀ ਵਿਸਾਰ ਚੁੱਕਾ ਸੀ ਉਸ ਨੂੰ ਵੀ ਇਸ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਵਾਅਦਾ ਕੀਤਾ ਗਿਆ ਕਿ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਵਾਸਤੇ ਲੈਣ ਲਈ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਸੀ ਹੈ ਅਤੇ ਰਹੇਗਾ। ਇਸ ਨੂੰ ਸਿਰਫ ਪੰਜ ਸਾਲਾਂ ਵਾਸਤੇ ਯੂਟੀ ਬਣਾਇਆ ਗਿਆ ਸੀ। ਉਹ ਇਸ ਮਾਮਲੇ ਵਿਚ ਪੰਜਾਬ ਨਾਲ ਕੇਂਦਰ ਵੱਲੋਂ ਕੀਤੀ ਗੱਦਾਰੀ ਦੇ ਖਿਲਾਫ ਡਟ ਕੇ ਸੰਘਰਸ਼ ਕਰਨਗੇ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …