Breaking News
Home / ਪੰਜਾਬ / ਲੋਕ ਸਭਾ ਪਿੜ ਵਿੱਚੋਂ ‘ਆਪ’ ਦੇ ਰਾਜ ਸਭਾ ਮੈਂਬਰ ਗਾਇਬ

ਲੋਕ ਸਭਾ ਪਿੜ ਵਿੱਚੋਂ ‘ਆਪ’ ਦੇ ਰਾਜ ਸਭਾ ਮੈਂਬਰ ਗਾਇਬ

ਰਾਜ ਸਭਾ ਮੈਂਬਰਾਂ ਦੀ ਗੈਰਹਾਜ਼ਰੀ ‘ਤੇ ਉਠਣ ਲੱਗੇ ਸਵਾਲ
ਚੰਡੀਗੜ੍ਹ : ਪੰਜਾਬ ਵਿੱਚ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਨਾਲ ਸਿਆਸੀ ਮੈਦਾਨ ਭਖ ਗਿਆ ਹੈ। ਸਾਰੀਆਂ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਤੇ ਹੋਰ ਸੀਨੀਅਰ ਆਗੂ ਵੀ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਲਈ ਡਟੇ ਹੋਏ ਹਨ। ਉੱਧਰ, ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ ਪਰ ਲੋਕ ਸਭਾ ਚੋਣਾਂ ਦੌਰਾਨ ‘ਆਪ’ ਪੰਜਾਬ ਦੇ ਰਾਜ ਸਭਾ ਮੈਂਬਰ ਦਿਖਾਈ ਨਹੀਂ ਦੇ ਰਹੇ ਜਿਨ੍ਹਾਂ ਦੀ ਗੈਰਹਾਜ਼ਰੀ ‘ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਹਾਲਾਂਕਿ ਕੁਝ ਰਾਜ ਸਭਾ ਮੈਂਬਰਾਂ ਨੇ ਪਹਿਲਾਂ ਹੀ ਰਾਜਸੀ ਗਤੀਵੀਧੀਆਂ ਵਿੱਚ ਹਿੱਸਾ ਲੈਣ ਤੋਂ ਪਾਸਾ ਵੱਟ ਲਿਆ ਸੀ।
ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ ਤੇ ਸਾਰੇ ਕੈਬਨਿਟ ਮੰਤਰੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੂੰ ਛੱਡ ਕੇ ਬਾਕੀ ਕੋਈ ਵੀ ਰਾਜ ਸਭਾ ਮੈਂਬਰ ਦਿਖਾਈ ਨਹੀਂ ਦੇ ਰਿਹਾ ਹੈ। ਡਾ. ਸੰਦੀਪ ਪਾਠਕ ਕੋਲ ਕੌਮੀ ਪੱਧਰ ਦੀ ਜ਼ਿੰਮੇਵਾਰੀ ਹੋਣ ਕਰਕੇ ਉਹ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਵੀ ਪ੍ਰਚਾਰ ਦਾ ਕੰਮ ਦੇਖ ਰਹੇ ਹਨ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਰਾਘਵ ਚੱਢਾ, ਵਿਕਰਮਜੀਤ ਸਾਹਨੀ, ਸੰਤ ਬਲਬੀਰ ਸਿੰਘ ਸੀਚੇਵਾਲ, ਸੰਜੀਵ ਅਰੋੜਾ, ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਪੰਜਾਬ ਵਿੱਚ ਚੋਣ ਸਰਗਰਮੀਆਂ ਦੌਰਾਨ ਕਿਤੇ ਵੀ ਦਿਖਾਈ ਨਹੀਂ ਦੇ ਰਹੇ ਹਨ। ਰਾਜ ਸਭਾ ਮੈਂਬਰ ਰਾਘਵ ਚੱਢਾ ਪਿਛਲੇ ਦਿਨੀਂ ਵਿਦੇਸ਼ ਤੋਂ ਪਰਤ ਆਏ ਹਨ। ਉਹ ਇਕ ਵਾਰ ਚੰਡੀਗੜ੍ਹ ਵੀ ਆਏ ਪਰ ਚੱਢਾ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਦੇ ਦਿਖਾਈ ਨਹੀਂ ਦੇ ਰਹੇ ਹਨ। ‘ਆਪ’ ਵੱਲੋਂ ਵੀ ਰਾਜ ਸਭਾ ਮੈਂਬਰਾਂ ਨੂੰ ਪੰਜਾਬ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਬਾਹਰ ਰੱਖਿਆ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਹਿਲਾਂ ਹੀ ਰਾਜਸੀ ਗਤੀਵਿਧੀਆਂ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਰਾਜ ਸਭਾ ਮੈਂਬਰ ਹਰਭਜਨ ਸਿੰਘ ਤਾਂ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਵੀ ਨਜ਼ਰ ਨਹੀਂ ਆਏ। ਉਨ੍ਹਾਂ ਜ਼ਿਮਨੀ ਚੋਣ ਵਿੱਚ ਵੋਟ ਵੀ ਨਹੀਂ ਪਾਈ।

 

Check Also

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹੁਣ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ

ਦਿੱਲੀ ’ਚ ਐਮਓਯੂ ਕੀਤਾ ਗਿਆ ਸਾਈਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਰਹੇ ਮੌਜੂਦ …