ਰਾਮੂਵਾਲੀਆ ਨੇ ਠੱਗ ਟਰੈਵਲ ਏਜੰਟਾਂ ਦਾ ਮੁੱਦਾ ਵੀ ਚੁੱਕਿਆ
ਲੁਧਿਆਣਾ/ਬਿਊਰੋ ਨਿਊਜ਼
ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਲੁਧਿਆਣਾ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਸ਼ਰਤ ਲੋਕ ਭਲਾਈ ਪਾਰਟੀ ਦੇ ਆਗੂ ਤੇ ਵਰਕਰ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਦਾ ਲੋਕ ਸਭਾ ਚੋਣਾਂ ਵਿੱਚ ਸਮਰਥਨ ਕਰਨਗੇ। ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤਨ, ਮਨ ਤੇ ਧਨ ਨਾਲ ਵੜਿੰਗ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਹੰਕਾਰ ਦੀ ਗੱਲ ਕਰਦੀ ਹੈ ਅਤੇ ਇਸਨੇ 10 ਸਾਲ ਦੇਸ਼ ਦੀ ਭਲਾਈ ਲਈ ਕੁੱਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਹੀ ਇੱਕੋ ਇਕ ਆਗੂ ਹੈ ਜਿਸ ਨੇ ਜਨਤਾ ਦੀ ਭਲਾਈ ਲਈ ਕੰਮ ਕੀਤੇ। ਬਲਵੰਤ ਸਿੰਘ ਰਾਮੂੁਵਾਲੀਆ ਨੇ ਕਿਹਾ ਕਿ ਜੇਕਰ ਭਾਰਤ ਵਿਚ ‘ਇੰਡੀਆ ਗਠਜੋੜ’ ਦੀ ਸਰਕਾਰ ਬਣਦੀ ਹੈ ਤਾਂ ਠੱਗ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਠੱਗ ਟਰੈਵਲ ਏਜੰਟਾਂ ਖਿਲਾਫ ਕਾਨੂੰਨ ਵੀ ਲਿਆਂਦਾ ਜਾਵੇਗਾ ਤਾਂ ਜੋ ਕਿਸੇ ਨਾਲ ਵੀ ਧੋਖਾ ਨਾ ਹੋ ਸਕੇ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਵੀ ਹਾਜ਼ਰ ਸਨ।