ਪੰਜਾਬ ’ਚ ਵੋਟਿੰਗ ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਦੀ ਚਿੱਠੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਲੋਕ ਸਭਾ ਚੋਣਾਂ 2024 ਦੇ ਆਖਰੀ ਗੇੜ ਦੌਰਾਨ 1 ਜੂਨ ਨੂੰ ਪੰਜਾਬ ’ਚ ਪੈਣ ਵਾਲੀਆਂ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਵੋਟਰਾਂ ਦੇ ਨਾਮ ਚਿੱਠੀ ਲਿਖੀ ਹੈ। ਡਾ. ਮਨਮੋਹਨ ਸਿੰਘ ਨੇ ਪੰਜਾਬ ਦੇ ਵੋਟਰਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਵਿਕਾਸ-ਮੁਖੀ ਤੇ ਅਗਾਂਹਵਧੂ ਭਵਿੱਖ ਨੂੰ ਯਕੀਨੀ ਬਣਾ ਸਕਦੀ ਹੈ, ਜਿੱਥੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਹੋਵੇਗੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਜਿਹੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਅਹੁਦੇ ਦੇ ਵੱਕਾਰ ਨੂੰ ਢਾਹ ਲਗਾਈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਪ੍ਰਧਾਨ ਮੰਤਰੀ ਅਹੁਦੇ ਦੇ ਵੱਕਾਰ ਅਤੇ ਗੰਭੀਰਤਾ ਨੂੰ ਘੱਟ ਕਰਨ ਵਾਲੇ ਪਹਿਲੇ ਪ੍ਰਧਾਨ ਮੰਤਰੀ ਹਨ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਭਾਰਤ ਦੀ ਅਰਥ ਵਿਵਸਥਾ ਨੂੰ ਹੋ ਰਹੇ ਨੁਕਸਾਨ ਨੂੰ ਲੈ ਕੇ ਆਪਣੀ ਰਾਏ ਦਿੱਤੀ ਹੈ। ਡਾ. ਮਨਮੋਹਨ ਸਿੰਘ ਨੇ ਆਪਣੀ ਇਸ ਚਿੱਠੀ ਵਿਚ ਕਿਸਾਨ ਅੰਦੋਲਨ ਸਣੇ ਹੋਰ ਕਈ ਵੱਡੀਆਂ ਘਟਨਾਵਾਂ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਨੂੰ ਬਦਨਾਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ।