ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫੈਸਲਾ ਵਾਪਸ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਹਰ ਸਾਲ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਜਾਂਦੀ ਹੈ। ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਇਆ ਹੈ ਕਿ ਸਿੱਖ ਸ਼ਰਧਾਲੂਆਂ ਦੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬ ਰਿਸ਼ੀਕੇਸ਼ ਵਿਖੇ ਚਾਰ ਧਾਮ ਯਾਤਰਾ ਤਹਿਤ ਕਾਰਡ ਬਣਾ ਕੇ ਅੱਗੇ ਜਾਣ ਦਿੱਤਾ ਜਾਂਦਾ ਹੈ ਜੋ ਕਿ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਚਾਰ ਧਾਮ ਯਾਤਰਾ ਨਾਲ ਸਿੱਖ ਅਸਥਾਨਾਂ ਦਾ ਕੋਈ ਸੰਬੰਧ ਨਹੀਂ ਹੈ, ਇਸ ਲਈ ਸ੍ਰੀ ਹੇਮਕੁੰਟ ਸਾਹਿਬ ਵਾਸਤੇ ਇਹ ਪ੍ਰਕਿਰਿਆ ਪ੍ਰਵਾਨ ਨਹੀਂ ਕੀਤੀ ਜਾ ਸਕਦੀ।