
‘ਆਪ’ ਨੇ 3, ਅਜ਼ਾਦ ਉਮੀਦਵਾਰਾਂ ਨੇ 2 ਅਤੇ ਅਕਾਲੀ ਦਲ 1 ਸੀਟ ’ਤੇ ਰਿਹਾ ਜੇਤੂ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਮੁਤਾਬਕ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿਚੋਂ ਕਾਂਗਰਸ ਪਾਰਟੀ ਨੇ 7 ਸੀਟਾਂ ’ਤੇ ਜਿੱਤ ਹਾਸਲ ਕਰ ਲਈ ਹੈ। ਇਸੇ ਤਰ੍ਹਾਂ ਸੱਤਾਧਾਰੀ ਆਮ ਆਦਮੀ ਪਾਰਟੀ ਨੇ 3 ਅਤੇ ਆਜ਼ਾਦ ਉਮੀਦਵਾਰਾਂ ਨੇ ਵੀ ਦੋ ਸੀਟਾਂ ਜਿੱਤ ਲਈਆਂ ਹਨ। ਸ਼ੋ੍ਰਮਣੀ ਅਕਾਲੀ ਦਲ ਨੇ ਸਿਰਫ ਬਠਿੰਡਾ ਲੋਕ ਸਭਾ ਸੀਟ ’ਤੇ ਜਿੱਤ ਹਾਸਲ ਕੀਤੀ ਹੈ। ਕਾਂਗਰਸ ਪਾਰਟੀ ਦੇ ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਵੀ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ, ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਅਤੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਜਿੱਤ ਗਏ ਹਨ। ਇਸਦੇ ਚੱਲਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮਿ੍ਰਤਪਾਲ ਸਿੰਘ ਅਤੇ ਫਰੀਦਕੋਟ ਹਲਕੇ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਵੀ ਜਿੱਤ ਗਏ ਹਨ। ਸ਼ੋ੍ਰਮਣੀ ਅਕਾਲੀ ਦਲ ਦੀ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਜਿੱਤ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਸਾਰੀਆਂ 13 ਸੀਟਾਂ ਤੋਂ ਹਾਰ ਗਈ ਹੈ।