![](https://parvasinewspaper.com/wp-content/uploads/2024/06/Bhawant-and-Kej.jpg)
13 ਸੀਟਾਂ ਵਿਚੋਂ ਸਿਰਫ 3 ਸੀਟਾਂ ਹੀ ਜਿੱਤ ਸਕੀ ‘ਆਪ’
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਵਿਚ 13-0 ਦਾ ਮਿਸ਼ਨ ਲੈ ਕੇ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਉਮੀਦਵਾਰ ਖੜ੍ਹੇ ਕੀਤੇ ਸਨ, ਪਰ ਸਿਰਫ 3 ਉਮੀਦਵਾਰਾਂ ਨੂੰ ਜਿੱਤ ਹਾਸਲ ਹੋ ਸਕੀ ਹੈ। ਇਨ੍ਹਾਂ ਵਿਚ ਲੋਕ ਸਭਾ ਹਲਕਾ ਸੰਗਰੂਰ ਤੋਂ ਮੀਤ ਹੇਅਰ, ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ। ‘ਆਪ’ ਨੇ ਪੰਜਾਬ ਵਿਚ ਜਿਹੜੇ ਉਮੀਦਵਾਰ ਖੜ੍ਹੇ ਕੀਤੇ ਸਨ, ਉਨ੍ਹਾਂ ਵਿਚ 5 ਮੰਤਰੀ ਅਤੇ 3 ਵਿਧਾਇਕ ਵੀ ਸ਼ਾਮਲ ਸਨ। ਇਨ੍ਹਾਂ ਚੋਣਾਂ ਵਿਚ ‘ਆਪ’ ਦੇ 4 ਮੰਤਰੀਆਂ ਨੂੰ ਕਰਾਰੀ ਹਾਰ ਮਿਲੀ ਹੈ। ਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਹੀ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਜਿੱਤੇ ਹਨ। ਇਸੇ ਤਰ੍ਹਾਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਲੋਕ ਸਭਾ ਸੀਟ ਜਿੱਤਣ ’ਚ ਕਾਮਯਾਬ ਰਹੇ ਹਨ। ਧਿਆਨ ਰਹੇ ਕਿ ਰਾਜ ਕੁਮਾਰ ਚੱਬੇਵਾਲ ਪਿਛਲੇ ਸਮੇਂ ਦੌਰਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕਰ ਰਹੇ ਸਨ।