ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਭਾਜਪਾ ਦਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਅੰਕੜਿਆਂ ਦੇ ਅਧਾਰ ’ਤੇ ਖੁਦ ਨੂੰ ਪੰਜਾਬ ਦੀ ਸਭ ਤੋਂ ਵੱਧ ਗ੍ਰੋਥ ਕਰਨ ਵਾਲੀ ਪਾਰਟੀ ਕਰਾਰ ਦਿੱਤਾ ਹੈ। ਭਾਜਪਾ ਵਿਚ ਮੀਡੀਆ ਸੈਲ ਦੇ ਇੰਚਾਰਜ ਵਿਨੀਤ ਜੋਸ਼ੀ ਨੇ ਅੱਜ ਵੀਰਵਾਰ ਨੂੰ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਜਪਾ ਵੱਡੀ ਪਾਰਟੀ ਬਣ ਕੇ ਉਭਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੋ ਸਾਲਾਂ ਦੇ ਕਾਰਜਪਾਲ ਨੂੰ ਪੰਜਾਬ ਦੀ ਜਨਤਾ ਨੇ ਨਕਾਰ ਦਿੱਤਾ ਹੈ। ਵਿਨੀਤ ਜੋਸ਼ੀ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ’ਤੇ ਸਵਾਲ ਵੀ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਜੇਕਰ ਕਿਸੇ ਪਾਰਟੀ ਦਾ ਵੋਟ ਬੈਂਕ ਵਧਿਆ ਹੈ ਤਾਂ ਉਹ ਭਾਜਪਾ ਹੀ ਹੈ। ਵਿਨੀਤ ਜੋਸ਼ੀ ਨੇ ਕਿਹਾ ਕਿ ਪੰਜਾਬ ਵਿਚ ਜਿਸ ਪਾਰਟੀ ਦੀ ਸਰਕਾਰ ਹੈ, ਉਹ ਪਾਰਟੀ 13 ਵਿਚੋਂ ਸਿਰਫ 3 ਸੀਟਾਂ ਹੀ ਜਿੱਤ ਸਕੀ ਹੈ ਅਤੇ ਅਕਾਲੀ ਦਲ ਨੂੰ ਸਿਰਫ 1 ਸੀਟ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਵੋਟ ਬੈਂਕ ਵੀ ਘਟਿਆ ਹੀ ਹੈ।