![](https://parvasinewspaper.com/wp-content/uploads/2024/06/Vidhan-Sabha.jpg)
ਰੰਧਾਵਾ, ਵੜਿੰਗ, ਮੀਤ ਹੇਅਰ ਅਤੇ ਚੱਬੇਵਾਲ ਚੁਣੇ ਗਏ ਹਨ ਸੰਸਦ ਮੈਂਬਰ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ 4 ਵਿਧਾਇਕਾਂ ਨੂੰ 20 ਜੂਨ ਤੱਕ ਵਿਧਾਇਕ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ। ਇਹ ਕਾਨੂੰਨੀ ਤੌਰ ’ਤੇ ਜ਼ਰੂਰੀ ਹੈ, ਕਿਉਂਕਿ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਭਾਰਤ ਦੇ ਗਜਟ ਵਿਚ ਪ੍ਰਕਾਸ਼ਤ ਕਰ ਦਿੱਤੀ ਗਈ ਹੈ। ਇਨ੍ਹਾਂ ਵਿਧਾਇਕਾਂ ਦੇ ਅਸਤੀਫੇ ਤੋਂ ਬਾਅਦ ਚੋਣ ਕਮਿਸ਼ਨ ਜ਼ਿਮਨੀ ਚੋਣ ਸਬੰਧੀ ਕਾਰਵਾਈ ਸ਼ੁਰੂ ਕਰੇਗਾ। ਧਿਆਨ ਰਹੇ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਅਤੇ ਗਿੱਦੜਬਾਹਾ ਹਲਕੇ ਤੋਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤੀ ਹੈ। ਇਸੇ ਤਰ੍ਹਾਂ ਬਰਨਾਲਾ ਵਿਧਾਨ ਸਭਾ ਹਲਕੇ ਤੋਂ ‘ਆਪ’ ਦੇ ਵਿਧਾਇਕ ਮੀਤ ਹੇਅਰ ਨੇ ਸੰਗਰੂਰ ਤੋਂ ਜਿੱਤ ਹਾਸਲ ਕੀਤੀ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਲੋਕ ਸਭਾ ਹਲਕਾ ਹੁਸ਼ਿਆਪੁਰ ਤੋਂ ਚੋਣ ਜਿੱਤੀ ਹੈ। ਜ਼ਿਕਰਯੋਗ ਹੈ ਕਿ ਡਾ. ਰਾਜ ਕੁਮਾਰ ਕਾਂਗਰਸ ਪਾਰਟੀ ਦੇ ਵਿਧਾਇਕ ਸਨ ਅਤੇ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ‘ਆਪ’ ਨੇ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਸੀ ਅਤੇ ਉਹ ਜਿੱਤ ਵੀ ਗਏ ਸਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ ਵੀ 13 ਜੁਲਾਈ ਨੂੰ ਜ਼ਿਮਨੀ ਚੋਣ ਹੋਣੀ ਹੈ।