ਚੋਣਾਂ ਜਿੱਤਣ ਤੋਂ ਬਾਅਦ ਅਸ਼ੀਰਵਾਦ ਲੈਣ ਪਹੁੰਚ ਰਹੇ ਸਿਆਸੀ ਆਗੂ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਵਾਲੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੋਲੋਂ ਅਸ਼ੀਰਵਾਦ ਲਿਆ ਹੈ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਜਦੋਂ ਵੀ ਡੇਰਾ ਬਿਆਸ ਵਿਖੇ ਆਉਂਦੇ ਹਨ ਤਾਂ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਡੇਰਾ ਬਿਆਸ ਵਲੋਂ ਕਰੋਨਾ ਕਾਲ ਦੌਰਾਨ ਜੋ ਲੋਕ ਸੇਵਾ ਕੀਤੀ ਹੈ ਉਹ ਇਕ ਵਿਲੱਖਣ ਸੇਵਾ ਵਜੋਂ ਸਾਡੇ ਮਨਾਂ ਵਿਚ ਹਮੇਸ਼ਾ ਯਾਦ ਰਹੇਗੀ। ਉਨ੍ਹਾਂ ਡੇਰਾ ਬਿਆਸ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੀ ਪ੍ਰਸੰਸਾ ਕੀਤੀ। ਇਸ ਤੋਂ ਪਹਿਲਾਂ ਲੁਧਿਆਣਾ ਲੋਕ ਸਭਾ ਹਲਕੇ ਤੋਂ ਜਿੱਤੇ ਕਾਂਗਰਸੀ ਆਗੂ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਧਰਮ ਪਤਨੀ ਨੇ ਵੀ ਡੇਰਾ ਬਿਆਸ ਪਹੁੰਚ ਕੇ ਅਸ਼ੀਰਵਾਦ ਲਿਆ ਹੈ। ਧਿਆਨ ਰਹੇ ਕਿ ਚੋਣਾਂ ਤੋਂ ਪਹਿਲਾਂ ਵੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਕਈ ਆਗੂਆਂ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲੋਂ ਅਸ਼ੀਰਵਾਦ ਲਿਆ ਸੀ।