ਵੀਡੀਓ ਕਾਨਫਰੰਸਿੰਗ ਰਾਹੀਂ ਜੁੜੇ ਸਾਰੇ ਅਧਿਕਾਰੀ, ਅਪਰਾਧੀਆਂ ਨਾਲ ਨਜਿੱਠਣ ਲਈ ਬਣਾਈ ਰਣਨੀਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਵੀਰਵਾਰ ਨੂੰ ਇਕ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਜਰੀਏ ਐਸਐਚਓ ਤੋਂ ਲੈ ਕੇ ਪੰਜਾਬ ਪੁਲਿਸ ਦੇ ਉਚ ਅਧਿਕਾਰੀ ਵੀ ਇਸ ਮੀਟਿੰਗ ਵਿਚ ਹਾਜ਼ਰ ਰਹੇ। ਇਸ ਮੌਕੇ ਅਪਰਾਧੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਖਿਲਾਫ਼ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਕੰਮਾਂ ਦੀ ਸਮੀਖਿਆ ਵੀ ਕੀਤੀ ਗਈ। ਮੀਟਿੰਗ ਦੌਰਾਨ ਅਪਰਾਧੀਆਂ ਅਤੇ ਸਮਗਲਰਾਂ ਨਾਲ ਨਜਿੱਠਣ ਦੀ ਯੋਜਨਾ ਵੀ ਤਿਆਰ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ 11 ਵਜੇ ਤੋਂ ਲੈ ਕੇ 1 ਵਜੇ ਤੱਕ ਆਪਣੇ ਦਫ਼ਤਰਾਂ ’ਚ ਬੈਠਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਨਾਲ ਇਕ ਮੀਟਿੰਗ ਕੀਤੀ ਸੀ। ਮੀਟਿੰਗ ਦੌਰਾਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ’ਤੇ ਚਰਚਾ ਕੀਤੀ ਗਈ ਸੀ। ਮੁੱਖ ਮੰਤਰੀ ਮਾਨ ਨੇ ਡੀਜੀਪੀ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਉਨ੍ਹਾਂ ਨੂੰ ਹੱਲ ਕਰਨ ਦੇ ਹੁਕਮ ਦਿੱਤੇ ਸਨ।