ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੋਦੀ ਸਰਕਾਰ- 3 ਵਿੱਚ ਪੰਜਾਬ ਤੋਂ ਰਵਨੀਤ ਬਿੱਟੂ ਤੇ ਹਰਦੀਪ ਪੁਰੀ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ‘ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਰਵਨੀਤ ਬਿੱਟੂ ਤੇ ਹਰਦੀਪ ਪੁਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਆਰਡੀਐੱਫ ਅਤੇ ਐੱਨਐੱਚਐੱਮ ਦੇ ਹਜ਼ਾਰਾਂ ਕਰੋੜ ਰੁਪਏ ਕੇਂਦਰ ਸਰਕਾਰ ਵੱਲ ਰੁਕੇ ਪਏ ਹਨ। ਉਹ ਇਹ ਪੈਸੇ ਜਲਦ ਰਿਲੀਜ਼ ਕਰਵਾਉਣ ਤਾਂ ਕਿ ਪੰਜਾਬ ਦਾ ਹੋਰ ਤੇਜ਼ੀ ਨਾਲ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਜਾਂਦਾ ਹੈ, ਉਹ ਕੇਂਦਰ ਕੋਲ ਪੰਜਾਬ ਦੇ ਮੁੱਦੇ ਵੀ ਜ਼ਰੂਰ ਚੁੱਕਣ। ਚੀਮਾ ਨੇ ਇਹ ਪ੍ਰਗਟਾਵਾ ਚੰਡੀਗੜ੍ਹ ਦੇ ਸੈਕਟਰ-39 ਵਿੱਚ ਸਥਿਤ ਪਾਰਟੀ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੁਧਿਆਣਾ ਦੇ ਲੋਕਾਂ ਵੱਲੋਂ ਨਕਾਰੇ ਹੋਏ ਰਵਨੀਤ ਬਿੱਟੂ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਹੈ ਜੋ ਮੰਦਭਾਗਾ ਹੈ, ਇਹ ਲੋਕਾਂ ਦਾ ਅਪਮਾਨ ਹੈ। ਇਸ ਮੌਕੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਅਤੇ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।